ਅਮਰੀਕਾ ਤੋਂ ਡਿਪੋਰਟ ਕੀਤੇ 119 ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਦੂਜਾ ਜਹਾਜ਼ ਅੱਜ ਉਤਰੇਗਾ ਅੰਮ੍ਰਿਤਸਰ ਹਵਾਈ ਅੱਡੇ ‘ਤੇ
ਚੰਡੀਗੜ੍ਹ, 15 ਫਰਵਰੀ : ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ ਅੱਜ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਵਿੱਚ 119 ਭਾਰਤੀਆਂ ਨੂੰ ਵਾਪਸ ਭੇਜਿਆ ਜਾਵੇਗਾ। ਜਿਸ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਏਅਰਪੋਰਟ ਜਾ ਕੇ ਡਿਪੋਰਟ ਕੀਤੇ ਗਏ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ।
ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦਾ CM ਵੱਲੋਂ ਵਿਰੋਧ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕੀ ਜਹਾਜ਼ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਨੂੰ ਲੈ ਕੇ ਭਾਰੀ ਨਰਾਜ਼ਗੀ ਜਤਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦਾ ਵਿਰੋਧ ਕੀਤਾ। ਮਾਨ ਨੇ ਕਿਹਾ, ‘ਪੰਜਾਬ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਜਹਾਜ਼ ਉਤਾਰਨਾ ਗਲਤ ਹੈ। ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।
16 ਫਰਵਰੀ ਨੂੰ ਤੀਜਾ ਜਹਾਜ ਪੁੱਜੇਗਾ ਅੰਮ੍ਰਿਤਸਰ
ਦੱਸ ਦਈਏ ਕਿ ਇਸ ਤੋਂ ਬਾਅਦ 16 ਫਰਵਰੀ ਦਿਨ ਐਤਵਾਰ ਨੂੰ ਰਾਤ 10 ਵਜੇ 157 ਭਾਰਤੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਅੰਮ੍ਰਿਤਸਰ ਪਹੁੰਚੇਗਾ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਰਾਹੀਂ 104 ਪ੍ਰਵਾਸੀ ਭਾਰਤੀਆਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਸੀ। ਇਨ੍ਹਾਂ ਲੋਕਾਂ ਨੂੰ ਹੱਥਾਂ ਵਿੱਚ ਹਥਕੜੀਆਂ ਅਤੇ ਲੱਤਾਂ ਵਿੱਚ ਬੇੜੀਆਂ ਬੰਨ੍ਹ ਕੇ ਲਿਆਂਦਾ ਗਿਆ ਸੀ।
‘ਪਟਿਆਲਾ ਹੈਰੀਟੇਜ ਫੈਸਟੀਵਲ-2025 : ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ