ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 1400 ਕਿਲੋ ਭੁੱਕੀ ਸਮੇਤ 3 ਵਿਅਕਤੀ ਗ੍ਰਿਫਤਾਰ
ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 1400 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੋ ਵਾਹਨ ਵੀ ਬਰਾਮਦ ਕੀਤੇ ਗਏ ਹਨ, ਜੋ ਕਿ ਨਸ਼ੇ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਅਗਲੇ ਅਤੇ ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਮਸਲੇ ‘ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਪੰਜਾਬ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਜਲੰਧਰ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਕਾਰਵਾਈ ਸੀ.ਆਈ.ਏ ਸਟਾਫ਼ ਵੱਲੋਂ ਕੀਤੀ ਗਈ ਹੈ। ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਦੋਵੇਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ। ਮੁਲਜ਼ਮ ਮੱਧ ਪ੍ਰਦੇਸ਼, ਝਾਰਖੰਡ ਅਤੇ ਰਾਜਸਥਾਨ ਤੋਂ ਨਸ਼ੇ ਦੀ ਖੇਪ ਲਿਆਉਂਦੇ ਸਨ। ਮੁਲਜ਼ਮਾਂ ਦੇ ਗੁਜਰਾਤ ਦੇ ਕੁਝ ਸਮੱਗਲਰਾਂ ਨਾਲ ਵੀ ਸਬੰਧ ਹਨ। ਜਿਨ੍ਹਾਂ ਨਾਲ ਮਿਲਕੇ ਮੁਲਜ਼ਮ ਵਿਦੇਸ਼ਾਂ ‘ਚ ਭੁੱਕੀ ਸਪਲਾਈ ਕਰਦੇ ਸਨ।ਪੁਲਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।