ਜੱਸੀ ਸੋਹੀਆਂ ਵਾਲਾ ਨੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

0
53
jassi-sohianwala

ਨਾਭਾ, 21 ਅਗਸਤ 2025 : ਇੰਪਰੂਵਮੈਂਟ ਟਰੱਸਟ ਨਾਭਾ (Improvement Trust Nabha) ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਤ ਦਾਰਾ ਸਿੰਘ, ਆਪ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ ।

ਕੇਂਦਰ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡ ਰੋਕਕੇ ਧਰੋਹ ਕਮਾਇਆ : ਸੌਂਦ

ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ (Chairman Jassi Sohianwala) ਨੂੰ ਵਧਾਈ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਜੱਸੀ ਸੋਹੀਆਂ ਵਾਲਾ ਜਮੀਨ ਨਾਲ ਜੁੜੇ ਹੋਏ ਇੱਕ ਸੀਨੀਅਰ ਆਗੂ ਹਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੂੰ ਦੋ ਵਾਰ ਅਹਿਮ ਚੇਅਰਮੈਨ ਦੇ ਅਹੁਦੇ ਦੇ ਕੇ ਨਿਵਾਜਿਆ ਹੈ ।

ਜੱਸੀ ਸੋਹੀਆਂ ਵਾਲਾ ਇਮਾਨਦਾਰ ਆਗੂ

ਸੌਂਦ ਨੇ ਕਿਹਾ ਕਿ ਇਮਾਨਦਾਰ ਆਗੂ ਜੱਸੀ ਸੋਹੀਆਂ ਵਾਲਾ ਨੇ ਪਾਰਟੀ ਹਾਈ ਕਮਾਂਡ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਵਿਸ਼ਵਾਸ਼ ਜਿੱਤਿਆ ਹੈ, ਜਿਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹਲਕਾ ਨਾਭਾ ਦੇ ਵਿਧਾਇਕ ਦੇਵ ਮਾਨ ਸਮੇਤ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈਕੇ, ਆਮ ਲੋਕਾਂ ਤੇ ਪੰਜਾਬ ਤੇ ਪਾਰਟੀ ਦੀ ਸੇਵਾ ਵਧ ਚੜ੍ਹਕੇ ਕਰਦੇ ਰਹਿਣਗੇ ।

ਜੱਸੀ ਸੋਹੀਆਂ ਵਾਲਾ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦਾ ਧੰਨਵਾਦ

ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ਉਪਰ ਪੂਰੀ ਤਰ੍ਹਾਂ ਖਰ੍ਹਾ ਉਤਰਨਗੇ ਅਤੇ ਆਪਣੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਤਿੰਨ ਸਾਲ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਥਾਪਿਆ ਅਤੇ ਹੁਣ ਉਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ ਅਤੇ ਸ਼ਹਿਰ ਦੀ ਬਿਹਤਰੀ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਕੀਤੇ ਜਾਣਗੇ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Cabinet Minister Tarunpreet Singh Saund) ਨੇ ਕੇਂਦਰ ‘ਤੇ ਭਾਜਪਾ ਦੀ ਅਗਵਾਈ ਹੇਠ ਰਾਜ ਕਰਦੀ ਡੀਪ ਸਟੇਟ ਵੱਲੋਂ ਘੱਟ ਗਿਣਤੀਆਂ ਤੇ ਖਾਸ ਤੌਰ ‘ਤੇ ਸਿੱਖਾਂ ਨੂੰ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਸੱਦੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕ੍ਰਿਪਾਨ ਪਾਉਣ ਕਰਕੇ ਦਿੱਲੀ ਦੇ ਲਾਲ ਕਿਲੇ ਵਿੱਚ ਜਾਣ ਤੋਂ ਰੋਕੇ ਜਾਣਾ ਵੀ ਮੰਦਭਾਗਾ ਅਤੇ ਅਜਿਹੇ ਮਾਮਲੇ ਸਾਡੀ ਆਜ਼ਾਦੀ ਤੇ ਇਜ਼ਤ-ਮਾਣ ਉਪਰ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।

ਕੈਬਨਿਟ ਮੰਤਰੀ ਸੌਂਦ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਪ੍ਰਤੀ ਕੋਈ ਹਮਦਰਦੀ ਹੈ ਤਾਂ ਉਹ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਗਏ ਦਿਹਾਤੀ ਵਿਕਾਸ ਫੰਡ, ਐਨ. ਐਚ. ਆਰ. ਐਮ. ਐਲ. ਤੇ ਪ੍ਰਧਾਨ ਮੰਤਰੀ ਯੋਜਨਾ ਦੇ ਰੋਕੇ ਗਏ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡਾਂ ਨੂੰ ਲਿਆਉਣ ਲਈ ਜ਼ੋਰ ਲਗਾਉਣ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕਕੇ ਕੇਂਦਰ ਸਰਕਾਰ ਸੂਬੇ ਦੇ ਲੋਕਾਂ ਨਾਲ ਧਰੋਹ ਕਮਾ ਰਹੀ ਹੈ ।

ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ

ਇੱਕ ਹੋਰ ਸਵਾਲ ਦੇ ਜਵਾਬ ‘ਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਝੋਨੇ ਦੇ ਆਗਾਮੀ ਸੀਜ਼ਨ ‘ਚ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਹੁਣੇ ਤੋਂ ਪੁਖ਼ਤਾ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਅਕਤੂਬਰ ਦੇ ਪਹਿਲੇ ਹਫ਼ਤੇ ਕਰਵਾਈਆਂ ਜਾਣਗੀਆਂ ਜਿਸ ਲਈ ਤਿਆਰੀਆਂ ਮੁਕੰਮਲ ਹਨ ।

ਨਾਭਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਚੇਅਰਮੈਨ ਜੱਸੀ ਸੋਹੀਆਂ ਵਾਲਾ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਅਰਦਾਸ ਕੀਤੀ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ।

Read More : ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਕੀਤਾ ਸਨਮਾਨਤ

LEAVE A REPLY

Please enter your comment!
Please enter your name here