ਗੁਰਦਾਸਪੁਰ, 7 ਮਈ 2025 – ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਗੁਰਦਾਸਪੁਰ ਵਿੱਚ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਹੈ। ਇੱਥੋਂ ਸਿੱਖ ਸ਼ਰਧਾਲੂ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ। ਬੁੱਧਵਾਰ ਨੂੰ ਵੀ 491 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣਾ ਸੀ। ਇਨ੍ਹਾਂ ਵਿੱਚੋਂ 170 ਸ਼ਰਧਾਲੂਆਂ ਨੂੰ ਡੇਰਾ ਬਾਬਾ ਨਾਨਕ ਵਿਖੇ ਇਮੀਗ੍ਰੇਸ਼ਨ ਚੈੱਕ ਪੋਸਟ ਤੋਂ ਵਾਪਸ ਭੇਜ ਦਿੱਤਾ ਗਿਆ।
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਤੋਂ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੇ ਫੈਸਲੇ ਦੇ ਬਾਵਜੂਦ ਇਸ ਲਾਂਘੇ ਨੂੰ ਉਦੋਂ ਨਹੀਂ ਰੋਕਿਆ ਗਿਆ ਸੀ। ਹਾਲਾਂਕਿ ਹੁਣ, ਹਵਾਈ ਹਮਲੇ ਤੋਂ ਬਾਅਦ, ਅਗਲੇ ਹੁਕਮਾਂ ਤੱਕ ਇਸਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਇਹ ਲਾਂਘਾ 9 ਨਵੰਬਰ 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਖੋਲ੍ਹਿਆ ਗਿਆ ਸੀ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਦਰਬਾਰ ਸਾਹਿਬ ਗੁਰਦੁਆਰੇ ਤੱਕ 4.5 ਕਿਲੋਮੀਟਰ ਲੰਬਾ ਰਸਤਾ ਹੈ।
ਇਸ ਲਾਂਘੇ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਕਾਰ 2029 ਤੱਕ ਦਾ ਸਮਝੌਤਾ ਹੈ। ਜਿਸ ਕਾਰਨ ਭਾਰਤੀ ਸ਼ਰਧਾਲੂ ਬਿਨਾਂ ਵੀਜ਼ਾ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।