ਕੇਵਲ ਢਿੱਲੋਂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਵੀ ਮੌਜੂਦ ਸਨ। ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ।
ਇਸ ਤੋਂ ਇਲਾਵਾ ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ-ਬਸਪਾ ਗਠਜੋੜ ਦੀ ਉਮੀਦਵਾਰ ਕਮਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਕਈ ਵਰਕਰ ਹਾਜ਼ਰ ਸਨ।
ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਆਮ ਆਦਮੀ ਪਾਰਟੀ ਦੀ ਭਰੋਸੇਯੋਗਤਾ ਇੱਥੇ ਦਾਅ ‘ਤੇ ਲੱਗ ਗਈ ਹੈ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ ਇੱਥੋਂ 2 ਵਾਰ ਸੰਸਦ ਮੈਂਬਰ ਰਹੇ। ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।