ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਉਜੈਨ ਦੇ ਮਹਾਕਾਲ ਮੰਦਰ ਕੰਪਲੈਕਸ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ ਦਫੜੀ
ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਆਖਰੀ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਹੋਵੇ।
ਉਨ੍ਹਾਂ ਨੇ ਕਿਹਾ ਕਿ ਜਲ ਦੀ ਬਚਤ ਵਾਲੀਆਂ ਸਿੰਚਾਈ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਚਾਈ ਪ੍ਰਣਾਲੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਇਪਲਾਈਨ ਪਾਉਣ ਦੇ ਪ੍ਰੋਜੈਕਟ ਲੱਗਣੇ ਹਨ ਉਹ ਕੰਮ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਸਦੇ ਨਿਪਟਾਰੇ ਦੀ ਹਦਾਇਤ ਕੀਤੀ।