ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧ ਵਿਚ ਥਾਣਾ ਮਕਬੂਲਪੁਰਾ ਦੀ ਪੁਲਸ ਨੇ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਸੰਬੰਧ ਵਿਚ ਛੇਹਰਟਾ ਸਥਿਤ ਪੈਰਡਾਈਜ਼ ਕਲੋਨੀ ਨਿਵਾਸੀ ਸਿਕੰਦਰ ਸਿੰਘ ਖ਼ਿਲਾਫ਼ ਆਈ. ਟੀ. ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਵਿਧਾਇਕਾ ਜੀਵਨ ਜੋਤ ਕੌਰ ਨੇ ਇਸ ਸੰਬੰਧ ਵਿਚ ਡੀ. ਜੀ. ਪੀ. ਵੀ. ਕੇ. ਭਾਵਰਾ ਤੇ ਸੀ. ਪੀ. ਅਰੁਣ ਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ।
ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਸਿਕੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਦਾ ਸਾਈਬਰ ਸੈੱਲ ਵੀ ਮੁਲਜ਼ਮ ਸਿਕੰਦਰ ਸਿੰਘ ਦਾ ਖਾਕਾ ਖੰਘਾਲ ਰਿਹਾ ਹੈ। ਵਿਧਾਇਕਾ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸਿਕੰਦਰ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈ. ਡੀ. ਬਣਾਈ ਹੈ ਅਤੇ ਉਸ ਉਪਰ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਇਸ ਦੌਰਾਨ ਉਸ ਨੇ ਵਿਧਾਇਕਾ ਦੀ ਕਾਰਜਸ਼ੈਲੀ ’ਤੇ ਵੀ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੱਤੀ ਹੈ।









