ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨਾਗਰਿਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਤਹਿਤ 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ 6 ਨਵੰਬਰ 2023 ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਗਈ ਸੀ।ਇਸ ਤਹਿਤ ਪਹਿਲਾ ਜੱਥਾ 27 ਦਸੰਬਰ 2023 ਨੂੰ ਗੁਰੂਪੁਰਬ ਦੇ ਮੌਕੇ ‘ਤੇ ਰਵਾਨਾ ਕੀਤਾ ਗਿਆ ਸੀ। ਪਹਿਲੇ ਪੜਾਅ ਵਿੱਚ 53 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਗਏ।
ਪੰਜਾਬ ਵਿਚ 2 IAS ਤੇ 1 PCS ਅਧਿਕਾਰੀ ਦਾ ਤਬਾਦਲਾ; ਪੜੋ ਸੂਚੀ
ਇਸ ਤੋਂ ਬਾਅਦ ਫਰਵਰੀ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਗੂ ਚੋਣ ਜ਼ਾਬਤੇ ਕਾਰਨ ਇਸ ਸਕੀਮ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ 3 ਅਪ੍ਰੈਲ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਇਸ ਸਕੀਮ ਤਹਿਤ ਸੀਨੀਅਰ ਸਿਟੀਜ਼ਨਾਂ ਨੂੰ ਏਅਰ ਕੰਡੀਸ਼ਨਡ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਾਈ ਜਾਵੇਗੀ। ਜਿਸ ਵਿੱਚ ਖਾਣ-ਪੀਣ ਅਤੇ ਰਿਹਾਇਸ਼ ਦੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਅੰਦਾਜ਼ੇ ਮੁਤਾਬਕ ਪੰਜਾਬ ਵਿੱਚ ਹੁਣ 64 ਲੱਖ ਲੋਕ ਇਸ ਸਕੀਮ ਦਾ ਲਾਭ ਲੈ ਸਕਣਗੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਅਪ੍ਰੈਲ ਦੇ ਆਖਰੀ ਹਫ਼ਤੇ ਸ਼ੁਰੂ ਹੋ ਜਾਵੇਗੀ ਅਤੇ ਮਈ ਤੋਂ ਯਾਤਰਾਵਾਂ ਸ਼ੁਰੂ ਹੋ ਜਾਣਗੀਆਂ।