ਦੇਸ਼ ਅੰਦਰ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਇਸ ਦੇ ਨਾਲ-ਨਾਲ ਇਸ ਦੇ ਨਵੇਂ ਰੂਪ ਓਮੀਕਰੋਨ ਦੇ ਵੀ ਦੇਸ਼ ਅੰਦਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਗ੍ਰਹਿ ਸਕੱਤਰ ਨੇ ਪੱਤਰ ਲਿਖ ਕੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਆਦੇਸ਼ ਦਿੱਤਾ ਹੈ ਕਿ ਕੇਂਦਰ ਦੁਆਰਾ ਜਾਰੀ ਕੀਤੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਆਦੇਸ਼ ਦਿੱਤਾ ਹੈ ਕਿ ਹੁਣ 31 ਜਨਵਰੀ 2022 ਤੱਕ ਪੂਰੇ ਦੇਸ਼ ‘ਚ ਕੋਵਿਡ-19 ਪ੍ਰਬੰਧਨ ਲਈ ਰਾਸ਼ਟਰੀ ਨਿਰਦੇਸ਼ਾਂ ਦਾ ਪਾਲਣਾ ਕਰਨਾ ਜਰੂਰੀ ਰਹੇਗਾ। ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਦੇਸ਼ ਅੰਦਰ 6,531 ਕੇਸ ਸਾਹਮਣੇ ਆਏ ਹਨ। ਇਸਦੇ ਨਾਲ ਹੀ 315 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਸੰਕਰਮਣ ਦੀ ਸਥਿਤੀ ਦੇ ਅਨੁਸਾਰ ਭੀੜ ਨੂੰ ਕੰਟਰੋਲ ਕਰਨ ਲਈ ਸਥਾਨਕ ਪੱਧਰ ‘ਤੇ ਲੋੜੀਂਦੀਆਂ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਵਿਡ ਮਹਾਮਾਰੀ ਅਤੇ ਨਵੇਂ ਰੂਪ ਓਮੀਕਰੋਨ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਨਾਲ ਨਜਿੱਠਣ ਲਈ ਵਿਆਪਕ ਸਾਵਧਾਨੀ ਉਪਾਅ ਲਾਗੂ ਕਰਨ ਲਈ ਕਿਹਾ ਸੀ। ਇਨ੍ਹਾਂ ਉਪਾਵਾਂ ਨੂੰ ਲਾਗੂ ਕਰਨ ਦੀ ਮਿਆਦ ਹੁਣ 31 ਜਨਵਰੀ ਤਕ ਵਧਾਈ ਜਾ ਰਹੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੋਮਵਾਰ ਨੂੰ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਮੰਤਰਾਲਿਆਂ ਅਤੇ ਵਿਭਾਗਾਂ ਨੂੰ ਪੱਤਰ ਲਿਖ ਕੇ ਆਦੇਸ਼ ਜਾਰੀ ਕੀਤੇ।