ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਇੱਕ ਬੱਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਅਮੀਤਾਬ ਆਨੰਦ ਤੇ ਡਿਪਟੀ ਜ਼ੋਨਲ ਮੈਨੇਜਰ ਬੌਬੀ ਤਨਵਰ ਤੇ ਹੋਰ ਅਧਿਕਾਰੀਆਂ ਨੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਹੁਣ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਇੱਕ ਬੱਸ ਭੇਟ ਕੀਤੀ ਗਈ ਹੈ।
ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੰਜਾਬ ਨੈਸ਼ਨਲ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।