ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 21 ਫ਼ਰਵਰੀ 2024 ਨੂੰ ਮਨਾਈ ਜਾ ਰਹੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਪ੍ਰਚਾਰਕ ਜਥਿਆਂ ਰਾਹੀਂ ਪਿੰਡ ਪੱਧਰ ਤੱਕ ਪਹੁੰਚ ਕਰਕੇ ਧਾਰਮਿਕ ਦੀਵਾਨ ਲਗਾਤਾਰ ਜਾਰੀ ਹਨ, ਉਥੇ ਹੀ ਮੁੱਖ ਸਮਾਗਮ ਸਬੰਧੀ ਸੰਗਤ ਵਿਚ ਚੇਤਨਾ ਅਤੇ ਪ੍ਰੇਰਣਾ ਲਈ ਵੀ ਕਾਰਜ ਕੀਤੇ ਜਾ ਰਹੇ ਹਨ।
ਮੁੱਖ ਸਮਾਗਮ 21 ਫ਼ਰਵਰੀ 2024 ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਵਿਖੇ ਹੋਵੇਗਾ, ਜਦਕਿ ਇਸ ਤੋਂ ਪਹਿਲਾਂ 19 ਅਤੇ 20 ਫ਼ਰਵਰੀ ਨੂੰ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ 19 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਉਪਰੰਤ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਮਾਰਚ) ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। 20 ਫ਼ਰਵਰੀ ਨੂੰ ਵੱਖ-ਵੱਖ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੈਕਚਰ, ਕਵਿਤਾ ਤੇ ਕਵੀਸ਼ਰਾਂ ਵਾਰਾਂ ਰਾਹੀਂ ਇਤਿਹਾਸ ਨੂੰ ਬਿਆਨ ਕੀਤਾ ਜਾਵੇਗਾ।
ਸ. ਕਾਹਲਵਾਂ ਨੇ ਦੱਸਿਆ ਕਿ 20 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ ਅਤੇ ਜੈਤੋ ਮੋਰਚੇ ਦੇ ਇਤਿਹਾਸ ਬਾਰੇ ਉਚੇਚੇ ਤੌਰ ’ਤੇ ਤਿਆਰ ਕੀਤੀ ਗਈ ਡਾਕੂਮੈਂਟਰੀ ਵੀ ਵਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ 2024 ਨੂੰ ਸ਼ਤਾਬਦੀ ਦੇ ਮੁੱਖ ਸਮਾਗਮ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਨਗੇ ਅਤੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਜਥੇਦਾਰ ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ।