ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੌਂਪੀ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ, ਅਦਾਲਤ ਨੇ ਇਹ ਹੁਕਮ ਕੀਤੇ ਜਾਰੀ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਸਬੰਧੀ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ।
ਅਸਥਾਈ ਹਸਪਤਾਲ ਵਿੱਚ ਕੀਤਾ ਜਾਵੇ ਸ਼ਿਫਟ:ਸੁਪਰੀਮ ਕੋਰਟ
ਏਜੀ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਦੀ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਡੱਲੇਵਾਲ ਦੇ ਸਾਰੇ ਟੈਸਟ ਕੀਤੇ ਗਏ ਸਨ। ਜਿਸ ਦੌਰਾਨ ਈਸੀਜੀ ਨਾਰਮਲ ਆਈ, ਖੂਨ ਦੇ ਨਮੂਨੇ ਵੀ ਲਏ ਗਏ ਸਨ।ਉਨ੍ਹਾਂ ਦੇ ਦਿਲ ਦੀ ਸਥਿਤੀ ‘ਤੇ ਵੀ ਕੋਈ ਅਸਰ ਨਹੀਂ ਪਿਆ ਹੈ।ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਉਨ੍ਹਾਂ ਦੇ ਸਰੀਰ ਦਾ ਕਿਹੜਾ ਹਿੱਸਾ ਅਸਾਧਾਰਨ ਹੈ? ਜਿਸ ‘ਤੇ ਏਜੀ ਨੇ ਦੱਸਿਆ ਕਿ ਯੂਰਿਕ ਐਸਿਡ ਵਧਿਆ ਹੋਇਆ ਹੈ, ਜਿਸ ਲਈ ਦਵਾਈ ਦੀ ਲੋੜ ਹੈ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਹੈ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਮੋਰਚੇ ਨੇੜੇ ਅਸਥਾਈ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਹੁਣ ਇਸ ਮਾਮਲੇ ‘ਤੇ ਮੁੜ ਸੁਣਵਾਈ ਅੱਜ ਬਾਅਦ ਦੁਪਹਿਰ 2.30 ਵਜੇ ਹੋਵੇਗੀ।