ਅੰਮ੍ਰਿਤਸਰ: ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਨਾਲ ਬੇ ਨਿਆਈਂਂ ਕਰ ਰਹੀ ਹੈ ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ। ਉਹਨਾਂ ਕਿਹਾ ਕਿ ਤਰੁਣ ਚੁੱਗ,ਸੁਨੀਲ ਜਾਖੜ ਵਰਗੇ ਨੇਤਾ ਜੋ ਇਹਨਾਂ ਪੰਜਾਬ ਵਿਰੋਧੀ ਨੀਤੀਆਂ ਉੱਤੇ ਵੀ ਭਾਜਪਾ ਦੇ ਹੱਕ ਵਿੱਚ ਖੜੇ ਹਨ, ਨੂੰ ਹੁਣ ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਨਹੀਂ ਬਲਕਿ ਦਿੱਲੀ ਅਤੇ ਹਰਿਆਣੇ ਨਾਲ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਲਈ ਸਾਨੂੰ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ।