ਪੰਜਾਬ ਕਾਂਗਰਸ ਇੰਚਾਰਜ ਬਘੇਲ ਦੇ ਘਰ ਈਡੀ ਰੇਡ ‘ਤੇ ਗਰਮਾਈ ਪੰਜਾਬ ਦੀ ਸਿਆਸਤ, ਰਾਜਾ ਵੜਿੰਗ ਦਾ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ,10 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਦੇ ਰਾਏਪੁਰ ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) ‘ਤੇ ਦਿੱਤੀ। ਬਘੇਲ ਦੇ ਘਰ ਤੋਂ ਇਲਾਵਾ ਹੋਰ ਵੀ ਕਈ ਥਾਵਾਂ ‘ਤੇ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਰੇਡ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ ।
ਰਾਜਾ ਵੜਿੰਗ ਦਾ ਬਿਆਨ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਰਾਹੀਂ ਇਸ ਛਾਪੇਮਾਰੀ ਡੀ ਨਿੰਦਾ ਕੀਤੀ ਹੈ ਅਤੇ ਭਾਜਪਾ ਤੇ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ “ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਭੂਪੇਸ਼ ਬਘੇਲ ਜੀ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਬਿਨਾਂ ਸ਼ੱਕ ਭਾਜਪਾ ਸਰਕਾਰ ਵੱਲੋਂ ਆਪਣੇ ਰਾਜਨੀਤਿਕ ਵਿਰੋਧੀਆਂ ਵਿਰੁੱਧ ਡਰਾਉਣ ਧਮਕਾਉਣ ਦੀ ਕਾਰਵਾਈ ਹੈ। ਅਸੀਂ ਸਾਰੇ ਕਾਂਗਰਸੀ ਆਪਣੇ ਸੀਨੀਅਰ ਨੇਤਾ ਦੇ ਨਾਲ ਖੜ੍ਹੇ ਹਾਂ ਅਤੇ ਸਾਨੂੰ ਭਰੋਸਾ ਹੈ ਕਿ ਭਾਜਪਾ ਸਰਕਾਰ ਦੀ ਤਾਨਾਸ਼ਾਹੀ ਨੂੰ ਚੁਣੌਤੀ ਦੇਣ ਤੋਂ ਸਾਨੂੰ ਕੋਈ ਵੀ ਨਹੀਂ ਰੋਕ ਸਕਦਾ। ਅਸੀਂ ਇਨ੍ਹਾਂ ਛਾਪਿਆਂ ਦੀ ਨਿੰਦਾ ਕਰਦੇ ਹਾਂ। ਭਾਜਪਾ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਰਾਜਨੀਤਿਕ ਲੜਾਈਆਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਦੇ ਵੀ ਸਫਲ ਨਹੀਂ ਹੋਵੇਗਾ।”