ਚੰਡੀਗੜ੍ਹ, 11 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ `ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇ੍ਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ ।
ਡੈਮਾਂ `ਤੇ ਸੀ. ਆਈ. ਐਸ. ਐਫ. (C. I. S. F.) ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ `ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ `ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ ।
ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ਸਾਡਾ ਮੁਲਕ ਕਿਸੇ ਵੀ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ (Prime Minister Modi) ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬਣ ਚੁੱਕਿਆ ਹੈ ਸੂਬੇ ਲਈ ਇੱਕ ਚਿੱਟਾ ਹਾਥੀ
ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸੂਬੇ ਲਈ ਇੱਕ ਚਿੱਟਾ ਹਾਥੀ ਬਣ ਚੁੱਕਿਆ ਹੈ, ਜਿਸਦਾ ਪੁਨਰਗਠਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਹ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਸੂਬਾ ਸਰਕਾਰ ਤੋਂ ਫੰਡ ਲੈ ਕੇ ਇਸ ਦੇ ਵਿਰੁੱਧ ਹੀ ਕੇਸ ਦਾਇਰ ਕਰਦਾ ਰਹਿੰਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉਚਿਤ ਤੇ ਨਾ-ਮਨਜ਼ੂਰ ਹੈ, ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ।
ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕਦੇ ਵੀ ਸਿਰੇ ਨਾ ਚੜ੍ਹੇ
ਕੇਂਦਰ ਸਰਕਾਰ ਵੱਲੋਂ ਸੂਬੇ ਦੇ ਡੈਮਾਂ `ਤੇ ਸੀ. ਆਈ. ਐਸ. ਐਫ. ਤਾਇਨਾਤ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕਦੇ ਵੀ ਸਿਰੇ ਨਾ ਚੜ੍ਹੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਸੀ. ਆਈ. ਐਸ. ਐਫ. ਦੇ ਜਵਾਨ ਭਾਖੜਾ ਡੈਮ `ਤੇ ਤਾਇਨਾਤ ਕੀਤੇ ਜਾਣਗੇ, ਜਿਸ `ਤੇ ਸੂਬੇ ਨੂੰ ਬਿਨਾਂ ਕਿਸੇ ਮਕਸਦ ਦੇ ਲਗਭਗ 9 ਕਰੋੜ ਰੁਪਏ ਖਰਚਾ ਆਵੇਗਾ ।
ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਜਿੱਤੀ, ਜੋ ਆਮ ਜਨਤਾ ਵਿੱਚ ਉਨ੍ਹਾਂ ਪ੍ਰਤੀ ਮੋਹ ਭੰਗ ਹੋਣ ਦਾ ਪ੍ਰਤੱਖ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਕੋਈ ਭਰੋਸੇਯੋਗਤਾ ਨਹੀਂ ਹੈ ਜਿਸ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਪੈਦਾ ਹੋ ਗਈ ਹੈ।
ਉਨ੍ਹਾਂ ਕਾਂਗਰਸੀ ਆਗੂਆਂ ਨੂੰ ਯਾਦ ਦਿਵਾਇਆ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ `ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਕਿਸੇ ਵੀ ਕੀਮਤ `ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਬਰ-ਸੰਤੋਖ ਦਾ ਰਾਹ ਦਿਖਾਇਆ ਹੈ ।
Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ