– ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗੇ: ਰਿੰਟੂ
ਅੰਮ੍ਰਿਤਸਰ, 22 ਮਾਰਚ 2025: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ‘ਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।
ਇਹ ਵੀ ਪੜ੍ਹੋ: ਅਮਰੀਕਾ ‘ਚ ਗ੍ਰੀਨ ਕਾਰਡ ਲਈ ਵਿਆਹ ਕਰਾਉਣ ਵਾਲੇ ਪ੍ਰਵਾਸੀਆਂ ਨੂੰ ਹੋਵੇਗੀ ਜੇਲ੍ਹ ਤੇ ਭਾਰੀ ਜੁਰਮਾਨਾ, ਪੜ੍ਹੋ ਵੇਰਵਾ
ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਦੇ ਨਾਲ-ਨਾਲ ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ, ਸੀਵਰੇਜ ਸਿਸਟਮ ਅਤੇ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਚੇਅਰਮੈਨ ਰਿੰਟੂ ਨੇ ਕਿਹਾ ਕਿ 5 ਸਾਲ ਨਗਰ ਨਿਗਮ ਦੇ ਮੇਅਰ ਰਹਿਣ ਦਾ ਤਜਰਬਾ ਹੋਣ ਕਰਕੇ, ਸ਼ਹਿਰ ਦੇ ਵਿਧਾਇਕਾਂ, ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਅਧਿਕਾਰੀਆਂ, ਵਲੰਟੀਅਰਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪਹਿਲਾਂ ਮੇਅਰ ਵਜੋਂ ਉਨ੍ਹਾਂ ਨੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸ਼ਹਿਰ ਦੀ ਸੇਵਾ ਕੀਤੀ ਹੈ। ਹੁਣ ਉਨ੍ਹਾਂ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸ਼ਹਿਰ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵਿੱਚ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇਗਾ।