ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ।
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਸ਼ਾਮ 5 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਸੋਗ ਦੀ ਡੂੰਘੀ ਲਹਿਰ ਹੈ। ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਸੁਖਦੇਵ ਸਿੰਘ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।”