ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀਆਂ ਚੋ ਇਕ ਸਨ। ਜਾਣਕਾਰੀ ਅਨੁਸਾਰ ਰਣਧੀਰ ਸਿੰਘ ਚੀਮਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ।
ਇਹ ਵੀ ਪੜੋ: ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਲਿਆਂਦਾ ਜਾਵੇਗਾ ਪੰਜਾਬ: ਸਰਕਾਰ ਨੇ ਨਹੀਂ ਵਧਾਈ NSA ਦੀ ਮਿਆਦ
ਦੱਸ ਦਈਏ ਕਿ ਰਣਧੀਰ ਸਿੰਘ ਚੀਮਾ ਨੇ ਬਾਦਲ ਸਰਕਾਰ ਵਿੱਚ ਲੋਕ ਨਿਰਮਾਣ ਮੰਤਰੀ ਵਜੋਂ ਸੇਵਾ ਨਿਭਾਈ। ਉਹ 1965 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਰੀਮਪੁਰਾ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਰਣਧੀਰ ਸਿੰਘ ਚੀਮਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ ਗਿਆ ਹੈ।
ਇਸ ਚ ਲਿਖਿਆ ਕਿ “ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਅੱਜ ਸਦੀਵੀ ਵਿਛੋੜਾ ਦੇ ਗਏ ਹਨ । ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ । ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿੱਚ ਉਹਨਾਂ ਵੱਲੋਂ ਨਿਭਾਈਆਂ ਸੇਵਾਵਾਂ ਕਰਕੇ ਉਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ।”