ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਵਾਅਦਾ ਯਾਦ ਕਰਵਾਉਂਦੇ ਹੋਏ ਉਨ੍ਹਾਂ ਦੀ ਸੇਵਾ ਲਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਸੀਐਮ ਮਾਨ ਨੂੰ 50 ਕਰੋੜ ਰੁਪਏ ਦੀ ਐਸਸੀ ਸਕਾਲਰਸ਼ਿਪ ਦੇ ਬਕਾਏ ਕਲੀਅਰ ਕਰਨ ਲਈ ਕਿਹਾ ਹੈ ਤਾਂ ਜੋ ਐਸਜੀਪੀਸੀ ਅਧੀਨ ਚੱਲ ਰਹੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਵਾਧੂ ਬੋਝ ਤੋਂ ਰਾਹਤ ਮਿਲ ਸਕੇ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਵਜ਼ੀਫੇ ਦਾ ਐਲਾਨ ਕੀਤਾ ਸੀ। ਇਸ ਤਹਿਤ 10ਵੀਂ ਤੋਂ ਬਾਅਦ ਵਿਦਿਆਰਥੀਆਂ ਤੋਂ ਫੀਸ ਨਹੀਂ ਲਈ ਜਾਂਦੀ। ਸਰਕਾਰ ਨੇ ਇਹ ਸਕੀਮ 2020 ਵਿੱਚ ਸ਼ੁਰੂ ਕੀਤੀ ਸੀ ਪਰ ਸਕੂਲਾਂ ਤੇ ਕਾਲਜਾਂ ਵੱਲ ਕਰੋੜਾਂ ਰੁਪਏ ਬਕਾਇਆ ਹਨ। ਸ਼੍ਰੋਮਣੀ ਕਮੇਟੀ ਅਧੀਨ ਸਕੂਲਾਂ ਤੇ ਕਾਲਜਾਂ ਵੱਲ ਵੀ ਕਰੀਬ 50 ਕਰੋੜ ਰੁਪਏ ਦੇ ਬਕਾਏ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਨੇ ਹੁਣ ਮੁੱਖ ਮੰਤਰੀ ਮਾਨ ਨੂੰ ਆਪਣਾ ਵਾਅਦਾ ਯਾਦ ਕਰਵਾਇਆ ਹੈ ਤੇ 50 ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਹੈ।
ਭਗਵੰਤ ਮਾਨ ਨੇ ਕਿਹਾ ਸੀ ਕਿ SGPC ਜੋ ਸੇਵਾ ਲਾਏਗੀ ਕਰਾਂਗੇ
ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਵੀ ਉਨ੍ਹਾਂ ਦੀ ਕੋਈ ਸੇਵਾ ਲਗਾਈ ਜਾਵੇਗੀ, ਉਹ ਉਸ ਨੂੰ ਪੂਰਾ ਕਰਨਗੇ। ਐਸਜੀਪੀਸੀ ਸਕੂਲਾਂ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਉਕਤ ਵਾਅਦਾ ਯਾਦ ਕਰਵਾਇਆ ਹੈ ਤੇ ਉਨ੍ਹਾਂ ਤੋਂ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਸਕੂਲ, ਕਾਲਜ ਤੇ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਐਸਸੀ ਵਿਦਿਆਰਥੀ ਵੀ ਪੜ੍ਹ ਰਹੇ ਹਨ। ਸਰਕਾਰ ਵੱਲੋਂ ਉਨ੍ਹਾਂ ਦੇ 50 ਕਰੋੜ ਰੁਪਏ ਬਕਾਇਆ ਹਨ। ਐਸਸੀ ਵਜ਼ੀਫ਼ੇ ਦੇ ਪੈਸੇ ਨਾ ਮਿਲਣ ਕਾਰਨ ਇਹ ਸ਼੍ਰੋਮਣੀ ਕਮੇਟੀ ’ਤੇ ਵਾਧੂ ਬੋਝ ਪਾ ਰਿਹਾ ਹੈ। ਮੁੱਖ ਮੰਤਰੀ ਨੂੰ ਇਹ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਇਹ ਪੈਸਾ ਮਨੁੱਖਤਾ ਦੀ ਸੇਵਾ ਵਿੱਚ ਵਰਤਿਆ ਜਾ ਸਕੇ।