ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਲੰਗਰ ਹਾਲ ਦਾ ਕੀਤਾ ਉਦਘਾਟਨ
ਪਟਿਆਲਾ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਕਿਵਾੜ ਖੁੱਲ੍ਹਣ ਮਗਰੋਂ ਕੀਰਤਨ ਆਸਾ ਕੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਮਨਦੀਪ ਸਿੰਘ ਵੱਲੋਂ ਕੀਤਾ ਗਿਆ, ਉਪਰੰਤ ਭਾਈ ਪ੍ਰਿਤਪਾਲ ਸਿੰਘ ਨੇ ਕਥਾ ਨਾਲ ਸੰਗਤ ਨੂੰ ਜੋੜਿਆ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।
ਗੁਰੂ ਘਰ ਦੇ ਦਰਸ਼ਨਾਂ ਲਈ ਈ-ਵਾਹਨ ਸੇਵਾ ਗੱਡੀਆਂ
ਗੁਰੂ ਘਰ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਈ-ਵਾਹਨ ਸੇਵਾ ਨੂੰ ਵੀ ਰਵਾਨਾ ਕੀਤਾ। ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਸੰਤ ਰੁੱਤ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇਹ ਰੁੱਤ ਗੁਰੂ ਸਾਹਿਬ ਨਾਲ ਮਿਲਾਪ ਅਤੇ ਸਮਰਪਿਤ ਦੀ ਭਾਵਨਾ ਨੂੰ ਵੀ ਪ੍ਰਗਟ ਕਰਦੀ ਹੈ ਅਤੇ ਗੁਰੂ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲਿਆਂ ਦਾ ਹਮੇਸ਼ਾ ਭਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫ਼ਲਸਫ਼ਾ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸ਼ਬਦ ਗੁਰੂ ਦੇ ਰੂਪ ਵਿਚ ਮਨੁੱਖਤਾ ਦੀ ਅਗਵਾਈ ਕਰ ਰਹੇ ਹਨ ਅਤੇ ਸਮਾਜ ਦੀਆਂ ਜਟਿਲ ਸਮੱਸਿਆਵਾਂ ’ਚੋਂ ਨਿਕਲਣ ਲਈ ਸ਼ਬਦ ਗੁਰੂ ਹੀ ਸਹਾਈ ਹਨ।