ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕਿਹਾ- “ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ”
ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਕਾਰਨ ਕਈ ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟਾਈ ਹੈ। ਕਿਸਾਨ ਅੰਦੋਲਨ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ ਹਨ ਜਾਂ ਆਪਣੇ ਨੁਮਾਇੰਦੇ ਭੇਜ ਸਕਦੇ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।
ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ ਕਿਸਾਨ
ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਕਿਸਾਨ ਗਠਿਤ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ ਜਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੇ ਤਾਂ ਉਹ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਸੁਪਰੀਮ ਕੋਰਟ ਉਨ੍ਹਾਂ ਦੇ ਵਿਚਾਰ ਸੁਣਨ ਲਈ ਤਿਆਰ ਹੈ। ਸੁਪਰੀਮ ਕੋਰਟ ਨੇ ਹੁਕਮਾਂ ਵਿੱਚ ਕਿਹਾ “ਜੇਕਰ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਹ ਰਾਜ ਸਰਕਾਰ ਲਈ ਚੰਗਾ ਨਹੀਂ ਹੋਵੇਗਾ। ਰਾਜ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਡੱਲੇਵਾਲ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਮਿਲਣ।”
ਸੁਪਰੀਮ ਕੋਰਟ ਨੇ ਕਿਹਾ “ਡੱਲੇਵਾਲ ਇੱਕ ਜਨਤਕ ਸ਼ਖਸੀਅਤ ਹਨ। ਉਨ੍ਹਾਂ ਨਾਲ ਕਿਸਾਨਾਂ ਦੇ ਹਿੱਤ ਜੁੜੇ ਹੋਏ ਹਨ। ਸਰਕਾਰ ਨਾਲ ਉਨ੍ਹਾਂ ਦੇ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ, ਪਰ ਡੱਲੇਵਾਲ ਦਾ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ।”
ਇਹ ਵੀ ਪੜੋ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈ ਚਾਈਨਾ ਡੋਰ ਦੀ ਵਿਕਰੀ ‘ਤੇ ਵਰਤੋਂ ਉੱਪਰ ਰੋਕ, 28 ਫਰਵਰੀ 2025 ਤੱਕ ਲਾਗੂ ਰਹਿਣਗੇ ਹੁਕਮ