ਮ/ਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਕਰੇਗੀ ਗੱਲਬਾਤ, ਵੀਡੀਓ ਕਾਨਫਰੰਸਿੰਗ ਰਾਹੀਂ ਜੁੜਨਗੇ ਜਗਜੀਤ ਡੱਲੇਵਾਲ
ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗੀ। ਇਸ ਦੇ ਲਈ ਕਿਸਾਨ ਆਗੂ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।
ਪੰਜਾਬ ਸਰਕਾਰ ਨੂੰ ਲਗਾਈ ਸੀ ਫਟਕਾਰ
ਦੱਸ ਦਈਏ ਕਿ ਕੱਲ੍ਹ ਸ਼ੁੱਕਰਵਾਰ ਨੂੰ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਸਬੰਧੀ ਕੋਟੇਂਪਟ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕਿਸੇ ਦੀ ਜਾਨ ਦਾਅ ‘ਤੇ ਹੈ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਇਹ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਲੜਾਈ
ਓਧਰ ਕਿਸਾਨ ਆਗੂ ਡੱਲੇਵਾਲ ਨੇ ਸਪੱਸ਼ਟ ਕਿਹਾ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਸੰਘਰਸ਼ ਖਤਮ ਕਰਵਾਇਆ ਜਾਵੇ ਜਾਂ ਫਿਰ ਉਹ ਆਪਣੀ ਜਾਨ ਦੀ ਕੁਰਬਾਨੀ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਲੜਾਈ ਹੈ, ਜਿਸ ਨੂੰ ਉਹ ਆਖਰੀ ਸਾਹ ਤੱਕ ਲੜਦੇ ਰਹਿਣਗੇ। ਡਾਕਟਰਾਂ ਅਨੁਸਾਰ ਤਾਜ਼ਾ ਟੈਸਟ ਵਿੱਚ ਡੱਲੇਵਾਲ ਦੇ ਸਰੀਰ ਵਿੱਚ ਕੀਟੋਨ ਨਿਰਧਾਰਤ ਪੱਧਰ ਤੋਂ ਕਈ ਗੁਣਾ ਵੱਧ ਗਿਆ ਹੈ, ਜੋ ਘਾਤਕ ਸਾਬਤ ਹੋ ਸਕਦਾ ਹੈ।