ਬੁੱਧਵਾਰ ਰਾਤ ਨੂੰ ਪੰਜਾਬ ਦੇ ਮੌਸਮ ਵਿੱਚ ਆਈ ਤਬਦੀਲੀ ਦਾ ਪ੍ਰਭਾਵ ਵੀਰਵਾਰ ਨੂੰ ਵੀ ਦੇਖਣ ਨੂੰ ਮਿਲਿਆ। ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 4.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਦੇ ਹਿਸਾਬ ਨਾਲ ਬਠਿੰਡਾ ਅਤੇ ਅਬੋਹਰ ਸਭ ਤੋਂ ਗਰਮ ਸ਼ਹਿਰ ਰਹੇ। ਇੱਥੇ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹਅਤੇ 9 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਮੋਗਾ, ਬਰਨਾਲਾ ਅਤੇ ਸੰਗਰੂਰ ਉਹ ਸ਼ਹਿਰ ਹਨ ਜਿੱਥੇ ਲੂ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਜਲੰਧਰ, ਕਪੂਰਥਲਾ ਅਤੇ ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਚ ਵੀ ਮੀਂਹ ਦੀ ਸੰਭਾਵਨਾ ਹੈ।