ਬੇਅਦਬੀ ਮਾਮਲੇ ‘ਚ ਦੋਸ਼ੀ ਨੌਜਵਾਨ ਦਾ ਕੁੱਟ – ਕੁੱਟ ਕੀਤਾ ਕਤਲ || Punjab Latest News
ਪੰਜਾਬ ਦੇ ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਬੇਅਦਬੀ ਕਰਨ ਦੇ ਦੋਸ਼ ਵਿੱਚ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ ਕੁੱਟ -ਕੁੱਟ ਕੇ ਮਾਰ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਜ਼ੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਹੈ |
ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ , ਜਿਸ ਤੋਂ ਬਾਅਦ ਉਥੇ ਮੌਕੇ ‘ਤੇ ਮੌਜੂਦ ਭੀੜ ਨੇ ਉਸਨੂੰ ਫੜ ਲਿਆ ਤੇ ਕੁੱਟਣਾ ਸ਼ੁਰੂ ਕਰ ਦਿੱਤਾ। ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਇਕ ਮਹਿਲਾ ਕਿਸਾਨ ਦੀ ਹੋਈ ਮੌਤ
ਨੌਜਵਾਨ ਦੀ ਦਿਮਾਗੀ ਹਾਲਤ ਨਹੀਂ ਸੀ ਠੀਕ
ਮ੍ਰਿਤਕ ਨੌਜਵਾਨ ਦੀ ਪਛਾਣ ਬਖ਼ਸ਼ੀਸ਼ ਉਰਫ਼ ਗੋਲਾ (25) ਵਾਸੀ ਨੇੜਲੇ ਪਿੰਡ ਤਲੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਨੇ ਅਜਿਹਾ ਕਿਉਂ ਕੀਤਾ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ |