ਸ੍ਰੀ ਮੁਕਤਸਰ ਸਾਹਿਬ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਪੂਰੇ ਦਿਨ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਅਨੌਖੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਪੁਲਿਸ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।
ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਬਾਰੇ ਦੱਸਿਆ। ਵਿਦਿਆਰਥੀਆਂ ਅਤੇ ਐਸ.ਐਸ.ਪੀ. ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਐਸ.ਐਸ.ਪੀ. ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ। ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨੂੰ ਇੱਕ-ਇੱਕ ਪ੍ਰੇਰਨਦਾਇਕ ਕਿਤਾਬ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼, ਪੁਲਿਸ ਕੰਟਰੋਲ ਰੂਮ, ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ।
ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ਼ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।
ਇਸ ਮੌਕੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ 12ਵੀਂ ਜਮਾਤ ਦੀਆਂ ਜ਼ਿਲ੍ਹੇ ਦੀਆਂ ਟਾਪਰ ਵਿਦਿਆਰਥਣਾਂ, ਸਾਕਸ਼ੀ (97.80 ਪ੍ਰਤੀਸ਼ਤ), ਰੀਤਿਕਾ (97.60) ਤੇ ਰੂਹਾਨੀ (96.80) ਅਤੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ (95.69 ਫੀਸਦ), ਸ.ਸ.ਸ.ਸ. (ਕੁ) ਗਿੱਦੜਬਾਹਾ ਦੀ ਸਕੀਨਾ ਖਾਤੂਨ (95.69 ਫੀਸਦ) ਅਤੇ ਸ.ਸ.ਸ.ਸ. ਤਰਖਾਣ ਵਾਲਾ ਦੀ ਆਸਨਤ (95.54 ਫੀਸਦ) ਨੇ ਅੱਜ ਐਸ.ਐਸ.ਪੀ. ਡਾ. ਅਖਿਲ ਚੌਧਰੀ ਤੋਂ ਭਵਿੱਖ ਵਿੱਚ ਸਫਲਤਾ ਹਾਸਲ ਕਰਨ ਦੇ ਗੁਰ ਸਿੱਖੇ।