ਰੂਸੀ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਸੰਕਟ ਹੋਰ ਡੂੰਘਾ ਹੋ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬੀਆਂ ਸਮੇਤ ਭਾਰਤੀ ਵਿਦਿਆਰਥੀ ਉੱਥੇ ਫਸੇ ਹੋਏ ਹਨ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਦੇਸ਼ ਭਰ ਵਿੱਚ ਚਿੰਤਾ ਵਧ ਗਈ ਹੈ। ਇਸ ਦੌਰਾਨ ਯੂਕਰੇਨ ਵਿੱਚ ਭਾਰਤ ਦੇ ਦੂਤਾਵਾਸ ਨੇ ਸਾਰੇ ਭਾਰਤੀ ਨਾਗਰਿਕਾਂ/ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਰੋਮਾਨੀਆ ਅਤੇ ਹੰਗਰੀ ਰਾਹੀਂ ਨਿਕਾਸੀ ਰੂਟ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ। ਇਸ ਮੁਸ਼ਕਿਲ ਦੀ ਘੜੀ ‘ਚ ਭਾਰਤੀ ਦੂਤਾਵਾਸ ਸਾਰੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ, ਆਪਣੇ ਆਪ ਨੂੰ ਸਥਿਤੀ ਅਨੁਸਾਰ ਤਾਕਤਵਰ ਰਹਿਣ ਤੇ ਸੁਚੇਤ ਰਹਿਣ ਦੀ ਅਪੀਲ ਕਰਦਾ ਹੈ। ਕੀਵ ਵਿੱਚ ਸਥਿਤ ਭਾਰਤੀ ਦੂਤਾਵਾਸ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਯਾਤਰਾ ਦੌਰਾਨ ਵਾਹਨਾਂ ਉੱਤੇ ਭਾਰਤੀ ਝੰਡਾ ਚਿਪਕਾਉਣ ਦੀ ਸਲਾਹ ਦਿੰਦਾ ਹੈ ਤਾਂ ਜੋ ਉਨ੍ਹਾਂ ਨੂੰ ਯੂਕਰੇਨ ਤੋਂ ਵਾਪਸ ਭਾਰਤ ਲਿਆਉਣ ਲਈ ਪਛਾਣ ਹੋ ਸਕੇ।
ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਕਈ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ਤੋਂ ਬਾਅਦ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਘੋਸ਼ਣਾ ਕੀਤੀ ਹੈ ਕਿ ਪੂਰੀ ਫੌਜ ਨੂੰ ਯੁੱਧ ਵਿਚ ਸ਼ਾਮਲ ਕੀਤਾ ਜਾਵੇਗਾ। ਯੂਕਰੇਨ ਦਾ ਦਾਅਵਾ ਹੈ ਕਿ ਉਸ ਦੇ ਬਲਾਂ ਨੇ 800 ਤੋਂ ਵੱਧ ਰੂਸੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਫਰਾਂਸ ਯੂਕਰੇਨ ਨੂੰ ਫੌਜੀ ਸਾਜ਼ੋ-ਸਾਮਾਨ ਅਤੇ 330 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ।