ਚੰਡੀਗੜ੍ਹ, 24 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿਖੇ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਅੰਮ੍ਰਿਤਸਰ ਦੇ ਸੁਲਤਾਨਵਿੰਡ ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਵੱਲੋਂ JEE (ਮੇਨਜ਼) ਪ੍ਰੀਖਿਆ ਪਾਸ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਲਾਟ ਨਾਲ ਸਬੰਧਤ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ 2,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਰਿਸ਼ਵਤ ਦੀ ਇਹ ਰਕਮ ਤਹਿਸੀਲਦਾਰ ਅਤੇ ਗਿਰਦਾਵਰ ਨਾਲ ਵੀ ਸਾਂਝੀ ਕੀਤੀ ਜਾਵੇਗੀ ਅਤੇ ਉਹ ਇਸ ਰਕਮ ਵਿੱਚੋਂ 50000 ਰੁਪਏ ਹੀ ਲਵੇਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅੰਮ੍ਰਿਤਸਰ ਰੇਂਜ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਜਾਂਚ ਜਾਰੀ ਹੈ।