ਚੰਡੀਗੜ੍ਹ, 16 ਅਕਤੂਬਰ 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਲਗਾਇਆ ਸੀ ਦੋਸ਼
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ । ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ (Bribe of Rs. 30,000) ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ ‘ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ ।
ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਫੜ ਲਿਆ ਰੰਗੇ ਹੱਥੀਂ
ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ । ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ (Police Station Amritsar Range) ਵਿਖੇ ਮੁਕੱਦਮਾ ਦਰਜ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।