ਚੰਡੀਗੜ੍ਹ 27 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ ਨਾਭਾ ਜਿ਼ਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10 ਹਜ਼ਾਰ ਰੁਪਏ ਰਿਸ਼ਵਤ (10 thousand rupees bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ।
ਕੀ ਦੱਸਿਆ ਵਿਜੀਲੈਂਸ ਬਿਊਰੋ ਨੇ
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਿ਼ਕਾਇਤਕਰਤਾ ਨੇ ਲਗਾਇਆ ਸੀ ਸਿ਼ਕਾਇਤ ਵਿਚ ਦੋਸ਼
ਉਨ੍ਹਾਂ ਅੱਗੇ ਕਿਹਾ ਕਿ ਜਿ਼ਲ੍ਹਾ ਪਟਿਆਲਾ ਦੇ ਪਾਤੜਾਂ ਕਸਬੇ ਦੀ ਇੱਕ ਸਿ਼ਕਾਇਤਕਰਤਾ ਨੇ ਆਪਣੀ ਸਿ਼ਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਕੇਂਦਰੀ ਜੇਲ ਨਾਭਾ ਵਿਖੇ ਬੰਦ ਉਸਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ । ਬਾਅਦ ਵਿੱਚ ਸਿ਼ਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਵਿੱਚ ਤਬਦੀਲ ਕਰ ਦਿੱਤੇ।
ਸਿ਼ਕਾਇਤ ਵਿੱਚ ਲਗਾਏ ਗਏ ਦੋਸ਼ ਪਾਏ ਗਏ ਸੱਚੇ
ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸਿ਼ਕਾਇਤ ਵਿੱਚ ਲਗਾਏ ਗਏ ਦੋਸ਼ ਸੱਚੇ ਪਾਏ ਗਏ ਅਤੇ ਉਕਤ ਸਹਾਇਕ ਜੇਲ੍ਹ ਸੁਪਰਡੈਂਟ (Assistant Jail Superintendent) ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ । ਇਸ ਪਿੱਛੋਂ ਦੋਸ਼ੀ ਫਰਾਰ ਚੱਲ ਰਿਹਾ ਸੀ ਅਤੇ ਹੁਣ ਉਸਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ । ਅੱਜ ਅਦਾਲਤ ਵਿੱਚ ਉਸ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ `ਤੇ ਲੈ ਲਿਆ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।
Read More : ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਕੀਤੀਆਂ ਕੁਰਕ