ਪੰਜਾਬ ਵਿਧਾਨ ਸਭਾ ਦੀਆਂ ਵੋਟਾਂ 14 ਫਰਵਰੀ ਨੂੰ ਪੈਣਗੀਆਂ। ਇਸ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਚੋਣ ਰੈਲੀਆਂ ਉਤੇ ਰੋਕ ਲਗਾਈ ਹੋਈ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਦੋ ਦਿਨਾਂ ਦੀ ਫੇਰੀ ਉਤੇ ਪੰਜਾਬ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਖਰੜ ਵਿਖੇ ਡੋਰ-ਟੂ-ਡੋਰ ਚੋਣ ਮੁਹਿੰਮ ਚਲਾਈ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਐਮਪੀ ਭਗਵੰਤ ਮਾਨ ਵੀ ਹਾਜ਼ਰ ਸਨ।
ਪੰਜਾਬ ਦੀ ਕਾਂਗਰਸ ਸਰਕਾਰ ‘ਚ ਮੰਤਰੀ ਰਹੇ ਰਾਜਕੁਮਾਰ ਵੇਰਕਾ ਨੇ ਅਰਵਿੰਦ ਕੇਜਰੀਵਾਲ ਦੀ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕਰਨ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਡਾ ਹਮਲਾ ਕੀਤਾ ਹੈ। ਵੇਰਕਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਵਿੱਚ ਆਉਂਦੇ ਹਨ ਤਾਂ ਉਹ ਕੋਰੋਨਾ ਫੈਲਾ ਕੇ ਜਾਂਦੇ ਹਨ ਅਤੇ ਪੰਜਾਬ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਸਿੱਧੀ-ਸਿੱਧੀ ਉਲੰਘਣਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਚੋਣ ਕਮਿਸ਼ਨ ਅੱਗੇ ਇਹ ਮੰਗ ਹੈ ਕਿ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।