ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਗੁਰਦਾਸਪੁਰ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਉਹ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ, ਸੰਸਦ ਮੈਂਬਰ ਭਗਵੰਤ ਮਾਨ ਅਤੇ ਕੁੰਵਰ ਵਿਜੇ ਪ੍ਰਤਾਪ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਰਮਨ ਬਹਿਲ ਨੇ PSSSB ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਹੀਂ ਦੱਸਿਆ।
ਰਮਨ ਬਹਿਲ ਦੇ ਕਾਂਗਰਸ ਪਾਰਟੀ ਛੱਡਣ ਨਾਲ ਗੁਰਦਾਸਪੁਰ ਅੰਦਰ ਸਿਆਸੀ ਸਮੀਕਰਨਾਂ ’ਚ ਵੱਡੀ ਤਬਦੀਲੀ ਆ ਸਕਦੀ ਹੈ। ਰਮਨ ਬਹਿਲ ਜਿਥੇ ਖੁਦ ਦੋ ਵਾਰ ਨਗਰ ਕੌਂਸਲ ਗੁਰਦਾਸਪਰੁ ਦੇ ਪ੍ਰਧਾਨ ਵਜੋਂ ਸੇਵਾ ਕਰ ਚੁੱਕੇ ਹਨ, ਉਥੇ ਉਨ੍ਹਾਂ ਦੇ ਪਿਤਾ ਸਵ. ਖੁਸ਼ਹਾਲ ਬਹਿਲ 4 ਵਾਰ ਵਿਧਾਇਕ ਰਹਿਣ ਦੇ ਨਾਲ-ਨਾਲ ਗਿਆਨੀ ਜ਼ੈਲ ਸਿੰਘ, ਹਰਚਰਨ ਸਿੰਘ ਬਰਾੜ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਤਿੰਨ ਵਾਰ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਰਮਨ ਬਹਿਲ ਇਕ ਵਕੀਲ ਵੀ ਹਨ ਅਤੇ ਉਹ ਪੰਜਾਬ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ।