ਕੇਂਦਰ ਨੂੰ ਵਜ਼ੀਫ਼ਾ ਘੋਟਾਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਅ ਰਹੀ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

0
62

ਕੇਂਦਰ ਸਰਕਾਰ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ’ਚ ਹੇਰਾਫੇਰੀ ਕਰਨ ਵਾਲੇ ਮੁੱਖ ਮੰਤਰੀ ਤੇ ਮੰਤਰੀਆਂ ਖ਼ਿਲਾਫ਼ ਕਾਰਵਾਈ ਕਰੇ

ਕੇਂਦਰ ਸਰਕਾਰ ਵਜ਼ੀਫ਼ਾ ਰਾਸ਼ੀ ਜਾਰੀ ਕਰਕੇ ਵਿਦਿਆਰਥੀਆਂ ਦਾ ਭਵਿੱਖ ਕਰੇ ਸੁਰੱਖਿਅਤ

ਚੰਡੀਗੜ੍ਹ : ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫ਼ਾ ਰਾਸ਼ੀ ਵਿੱਚ ਘੁਟਾਲਾ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਵਜ਼ੀਫਾ ਘੁਟਾਲੇ ਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਸੰਤਰੀਆਂ ਨੂੰ ਬਚਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਅਤੇ ਰਾਸ਼ਟਰੀ ਐਸ.ਸੀ ਕਮਿਸ਼ਨ ਵੱਲੋਂ ਰਾਜ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਦੀ ਜਾਂਚ ਰਿਪੋਰਟ ਅਤੇ ਮੰਤਰੀਆਂ ਵੱਲੋਂ ਤਿਆਰ ਕੀਤੀ ਰਿਪੋਰਟ ਸਮੇਤ ਪੰਜਾਬ ਸਰਕਾਰ ਦੀ ਕਾਰਵਾਈ ਰਿਪੋਰਟ ਦੀ ਮੰਗ ਕੀਤੀ ਗਈ ਹੈ।

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੋਸਟ ਮੈਟ੍ਰਿਕ ਵਜ਼ੀਫਾ ਘੁਟਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਏ ਅਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਬਾਦਲ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਕਰੇ।
ਚੀਮਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ, ਜਿਸ ਦੀ ਜਾਂਚ ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਵੱਲੋਂ ਕੀਤੀ ਗਈ ਸੀ ਅਤੇ ਇਸ ਰਿਪੋਰਟ ਤੋਂ ਸਾਫ਼ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਦੇਖ਼ਰੇਖ ਵਿੱਚ 63.91 ਕਰੋੜ ਰੁਪਏ ਦਾ ਘੁਟਾਲਾ ਹੋਇਆ ਸੀ ਅਤੇ 39 ਕਰੋੜ ਰੁਪਏ ਨਾਲ ਸੰਬੰਧਤ ਰਿਕਾਰਡ ਹੀ ਗਾਇਬ ਕੀਤਾ ਗਿਆ ਹੈ। ਜਦੋਂ ਕਿ ਅਜਿਹੀਆਂ ਵਿਦਿਅਕ ਸੰਸਥਾਵਾਂ ਨੂੰ 16.91 ਕਰੋੜ ਰੁਪਏ ਦੀ ਰਕਮ ਦਾ ਭੁਗਤਾਨ ਕੀਤਾ ਗਿਆ, ਜਿਨਾਂ ਖ਼ਿਲਾਫ਼ ਆਡਿਟ ਟੀਮ ਨੇ 8 ਕਰੋੜ ਰੁਪਏ ਦੀ ਵਸੂਲੀ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਤੋਂ ਪਤਾ ਲਗਦਾ ਹੈ ਕਿ ਰਾਜ ਖ਼ਜ਼ਾਨੇ ਵਿੱਚੋਂ 24.91 ਕਰੋੜ ਤੋਂ ਵੱਧ ਦਾ ਡਾਕਾ ਮਾਰਿਆ ਗਿਆ ਹੈ।
ਆਪ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ ਕਲਿਆਣਾ ਮੰਤਰੀ ਵੱਲੋਂ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ, ਜਿਸ ਕਾਰਨ ਅਸਲ ਕਾਲਜਾਂ ਵਿੱਚ ਪੜ੍ਹਦੇ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਵਿਦਿਆ ਤੋਂ ਵਾਂਝੇ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਚੀਮਾ ਨੇ ਕਿਹਾ ਆਪਣੇ ਸਾਥੀ ਮੰਤਰੀ ਨੂੰ ਮੰਤਰੀਆਂ ਦੀ ਕਮੇਟੀ ਤੋਂ ਹੀ ਵਜ਼ੀਫ਼ਾ ਘੁਟਾਲੇ ਵਿੱਚ ਕਲੀਨ ਚਿੱਟ ਦਿਵਾਉਣ ਦਾ ਸ਼ਾਨਦਾਰ ਨਾਟਕ ਕੀਤਾ ਗਿਆ। ਇਸ ਦੇ ਨਾਲ ਹੀ ਕਮੇਟੀ ਨੇ ਜਾਂਚ ਕਰਨ ਵਾਲੇ ਉਚ ਅਧਿਕਾਰੀ ’ਤੇ ਗੰਭੀਰ ਟਿੱਪਣੀ ਕੀਤੀ ਅਤੇ ਕੈਪਟਨ ਸਰਕਾਰ ਨੇ ਉਸ ਅਧਿਕਾਰੀ ਦਾ ਵਿਭਾਗ ਹੀ ਬਦਲ ਦਿੱਤਾ। ਚੀਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਾਸ਼ੀ ਦਾ ਬਕਾਇਆ ਪੈਸਾ ਜਾਰੀ ਕੀਤਾ ਜਾਵੇ, ਤਾਂ ਜੋ ਦਲਿਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇ। ਇਸ ਦੇ ਨਾਲ ਕੇਂਦਰ ਦੀ ਏਜੰਸੀ ਤੋਂ ਵਜ਼ੀਫ਼ਾ ਘੁਟਾਲੇ ਦੀ ਮੁਕੰਮਲ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੇ ਸਮਾਜਿਕ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਜਾਵੇ।

LEAVE A REPLY

Please enter your comment!
Please enter your name here