ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਸਮੇਤ ਬਾਦਲਾਂ ਦਾ ਨਾਰਕੋ ਟੈਸਟ ਵੀ ਜਰੂਰੀ : ਆਪ

0
55

ਪੁਲੀਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੱਲੋਂ ਕੀਤੇ ਪਾਪਾਂ ‘ਤੇ ਪਰਦਾ ਪਾਉਣ ਦਾ ਕੋਝਾ ਯਤਨ: ਕੁਲਤਾਰ ਸਿੰਘ ਸੰਧਵਾਂ

ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜਿੰਮੇਵਾਰ:ਮਨਵਿੰਦਰ ਸਿੰਘ ਗਿਆਸਪੁਰਾ

ਜੇ ਸਰਕਾਰ ਵੱਲੋਂ ਬਾਦਲਾਂ ਦਾ ਨਾਰਕੋ ਟੈਸਟ ਨਹੀਂ ਕਰਵਾਇਆ ਜਾਂਦਾ ਤਾਂ ਕੈਪਟਨ ਅਮਰਿੰਦਰ ਸਿੰਘ ਦਾ ਵੀ ਹੋਵੇ ਨਾਰਕੋ ਟੈਸਟ

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਵੱਲੋਂ ਨਾਰਕੋ ਟੈਸਟ (ਜਾਂਚ) ਕਰਾਉਣ ਤੋਂ ਮੁਕਰਨਾ ਸਿੱਧ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਦੁਰਘਟਨਾਵਾਂ ਲਈ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਦਾ ਸੱਚ ਜਾਨਣ ਲਈ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਸਮੇਤ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਰਕੋ ਟੈਸਟ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਕੋਟਕਪੂਰਾ ਗੋਲੀ ਕਾਂਡ ਦਾ ਸੱਚ ਜਾਨਣ ਲਈ ਤਤਕਾਲੀ ਪੁਲੀਸ ਅਧਿਕਾਰੀਆਂ ਡੀ.ਜੀ.ਪੀ ਸੁਮੇਧ ਸੈਣੀ, ਮੁੱਅਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਦਾ ਨਾਰਕੋ ਟੈਸਟ ਕਰਾਉਣ ਲਈ ਜ਼ਿਲਾ ਅਦਾਲਤ ਵਿੱਚ ਦਰਖਾਸਤ ਦਿੱਤੀ ਸੀ ਕਿਉਂਕਿ ਸਾਬਕਾ ਪੁਲੀਸ ਅਧਿਕਾਰੀ ਜਾਂਚ ਕਮੇਟੀ ਨੂੰ ਜਾਂਚ ਪੜਤਾਲ ਵਿੱਚ ਸਹਿਯੋਗ ਨਹੀਂ ਕਰ ਰਹੇ। ਆਗੂਆਂ ਨੇ ਕਿਹਾ ਕਿ ਭਾਂਵੇਂ ਮੁਅੱਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤੀ ਪ੍ਰਕ੍ਰਿਆਂ ਰਾਹੀਂ ਨਾਰਕੋ ਟੈਸਟ ਕਰਾਉਣ ਲਈ ਸਹਿਮਤ ਹੋ ਗਏ ਹਨ, ਪਰ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਾਉਣ ਤੋਂ ਸਾਫ਼ ਮਨਾ ਕਰ ਦਿੱਤਾ ਹੈ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੱਲੋਂ ਕੀਤੇ ਪਾਪਾਂ ‘ਤੇ ਪਰਦਾ ਪਾਉਣ ਦਾ ਕੋਝਾ ਯਤਨ ਹੈ। ਉਨਾਂ ਕਿਹਾ ਕਿ ਗੋਲੀ ਕਾਂਡ ਦੀ ਜਾਂਚ ਕਰਨ ਵਾਲੀ ਪਹਿਲੀ ਜਾਂਚ ਕਮੇਟੀ ਨੇ ਇਨਾਂ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੋਇਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਦਲਾਂ ਦੇ ਪਾਪ ਨੂੰ ਲੋਕਾਂ ਸਾਹਮਣੇ ਰੱਖ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਸੰਧਵਾਂ ਨੇ ਕਿਹਾ ਕਿ ਇਨਾਂ ਪੁਲੀਸ ਅਧਿਕਾਰੀਆਂ ਸਮੇਤ ਬਾਦਲਾਂ ਦਾ ਵੀ ਨਾਰਕੋ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਜੋ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਹੋਰ ਵਾਪਰੀਆਂ ਘਟਨਾਵਾਂ ਦਾ ਸੱਚ ਸਾਹਮਣੇ ਆ ਸਕੇ। ਉਨਾਂ ਕਿਹਾ ਜੇ ਸਰਕਾਰ ਵੱਲੋਂ ਬਾਦਲਾਂ ਦਾ ਨਾਰਕੋ ਟੈਸਟ ਨਹੀਂ ਕਰਵਾਇਆ ਜਾਂਦਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਨਾਰਕੋ ਟੈਸਟ ਕਰਾਉਣਾ ਜਾਣਿਆ ਚਾਹੀਦਾ ਤਾਂ ਜੋ ਕਿ ਪਤਾ ਚੱਲ ਸਕੇ ਕਿ ਮੁੱਖ ਮੰਤਰੀ ਕਿਵੇਂ ਬਾਦਲਾਂ ਦਾ ਬਚਾਅ ਕਰ ਰਹੇ ਹਨ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਨਸਾਫ਼ ਮੰਗ ਰਹੀ ਸਿੱਖ ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਬਦੀ ਦੇ ਦੋਸ਼ੀਆਂ, ਸਾਜਿਸ਼ਘਾੜਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜ਼ਰੂਰ ਜੇਲਾਂ ਵਿੱਚ ਸੁੱਟਿਆ ਜਾਵੇਗਾ।

LEAVE A REPLY

Please enter your comment!
Please enter your name here