ਲੋਕ ਕੁੱਝ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਤੋਂ ਪਰੇਸ਼ਾਨ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪੈ ਰਹੀ ਅਤਿ ਦੀ ਗਰਮੀ ਤੋਂ ਹੁਣ ਰਾਹਤ ਮਿਲਣ ਦੀ ਉਮੀਦ ਹੈ। ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਤੱਕ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਆਈਐਮਡੀ ਦੀ ਰਿਪੋਰਟ ਦੇ ਅਨੁਸਾਰ ਅਫਗਾਨਿਸਤਾਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ (western disturbance) ਬਣ ਰਹੀ ਹੈ। ਇਸ ਕਾਰਨ ਅਗਲੇ ਪੰਜ ਦਿਨਾਂ ਦੌਰਾਨ ਹਿਮਾਲਿਆ ਦੇ ਪੱਛਮੀ ਖੇਤਰਾਂ ਯਾਨੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਗੜੇ ਵੀ ਪੈ ਸਕਦੇ ਹਨ।
ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਖੇਤਰਾਂ ਵਿੱਚ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਆਸਾਮ, ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਤੱਟਵਰਤੀ ਖੇਤਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ 21 ਮਈ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 21-22 ਮਈ ਦੌਰਾਨ ਕੇਰਲ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੀ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ।
ਦਿੱਲੀ ‘ਚ ਰਾਤ ਸਮੇਂ ਭਾਰੀ ਮੀਂਹ ਅਤੇ ਮੌਸਮ ਦੇ ਖਰਾਬ ਹੋਣ ਕਾਰਨ ਸ਼ਨੀਵਾਰ ਨੂੰ ਲਗਭਗ 10 ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਨੂੰ ਦਿੱਲੀ ਤੋਂ ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜਧਾਨੀ ਵਿੱਚ ਤਿੰਨ ਦਿਨਾਂ ਤੱਕ ਮੀਂਹ ਪੈ ਸਕਦਾ ਹੈ। 22, 23 ਅਤੇ 24 ਮਈ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 23 ਮਈ ਨੂੰ ਮੀਂਹ ਦੇ ਨਾਲ-ਨਾਲ ਹਨੇਰੀ ਦੀ ਵੀ ਸੰਭਾਵਨਾ ਹੈ। ਦੱਸ ਦਈਏ ਕਿ ਮਾਨਸੂਨ ਨੇ ਅੰਡੇਮਾਨ ਵਿੱਚ ਦਸਤਕ ਦੇ ਦਿੱਤੀ ਹੈ ਅਤੇ ਜੂਨ ਮਹੀਨੇ ਵਿੱਚ ਮਾਨਸੂਨ ਦੇ ਜ਼ਿਆਦਾਤਰ ਰਾਜਾਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ।