ਮੋਹਾਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਹਿੰਸਕ ਘਟਨਾ ਦੇ ਵਿਰੋਧ ‘ਚ ਪੰਜਾਬ ਕਾਂਗਰਸ ਅੱਜ ਵੱਡਾ ਰੋਸ਼ ਮਾਰਚ ਕੱਢ ਰਹੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਹ ਮਾਰਚ ਲਖੀਮਪੁਰ ਦੇ ਵੱਲ ਕੂਚ ਕਰ ਰਿਹਾ ਹੈ। ਉਥੇ ਹੀ ਨਿਕਲਣ ਤੋਂ ਪਹਿਲਾਂ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਾਂਗੇ।
ਇਸ ਮਾਰਚ ‘ਚ ਉਪ ਮੁੱਖ ਮੰਤਰੀ ਓਪੀ ਸੋਨੀ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਕੈਬਨਿਟ ਮੰਤਰੀ ਪਰਗਟ ਸਿੰਘ, ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁੰਦਰ ਸ਼ਾਮ ਅਰੋੜਾ ਅਤੇ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਿੱਧੂ ਦਾ ਸਾਥ ਦੇਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ‘ਸਰਫਰੋਸ਼ੀ ਦੀ ਤਮੰਨਾ, ਅਬ ਹਮਾਰੇ ਦਿਲ ਮੇਂ ਹੈ।’
ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋਈ ਸੀ, ਜਿਸ ‘ਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਖਰਾਬ ਹੋਇਆ ਅਤੇ 4 ਬੀਜੇਪੀ ਵਰਕਰ ਵੀ ਮਾਰੇ ਗਏ ਸਨ।