ਦੇਸ਼ਧ੍ਰੋਹ ਕਾਨੂੰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਬਹੁਤ ਸਖ਼ਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਆਈਪੀਸੀ ਦੀ ਧਾਰਾ 124-ਏ ਦੀ ਮੁੜ ਜਾਂਚ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਇਸ ਤਹਿਤ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇ। ਕੋਰਟ ਨੇ ਇਸ ਕਾਨੂੰਨ ਤਹਿਤ ਪੁਰਾਣੇ ਮਾਮਲਿਆਂ ‘ਚ ਕਾਰਵਾਈ ‘ਤੇ ਵੀ ਰੋਕ ਲਗਾ ਦਿੱਤੀ ਹੈ।
152 ਸਾਲ ਪੁਰਾਣੇ ਦੇਸ਼ਧ੍ਰੋਹ ਕਾਨੂੰਨ ਯਾਨੀ 1870 ਵਿੱਚ ਬਣੇ ਆਈਪੀਸੀ ਦੀ ਧਾਰਾ 124-ਏ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਕੇਂਦਰ ਨੂੰ ਇਸ ਕਾਨੂੰਨ ਦੀਆਂ ਵਿਵਸਥਾਵਾਂ ‘ਤੇ ਮੁੜ ਵਿਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸਰਕਾਰ ਦੀ ਤਰਫ਼ੋਂ ਕਿਹਾ ਕਿ ਆਈਪੀਸੀ ਦੀ ਧਾਰਾ 124ਏ ‘ਤੇ ਪਾਬੰਦੀ ਨਹੀਂ ਲੱਗਣੀ ਚਾਹੀਦੀ। ਹਾਲਾਂਕਿ ਉਸਨੇ ਪ੍ਰਸਤਾਵ ਦਿੱਤਾ ਹੈ ਕਿ ਭਵਿੱਖ ਵਿੱਚ ਇਸ ਕਾਨੂੰਨ ਦੇ ਤਹਿਤ ਐਫਆਈਆਰ ਪੁਲਿਸ ਸੁਪਰਡੈਂਟ ਦੀ ਜਾਂਚ ਅਤੇ ਸਹਿਮਤੀ ਤੋਂ ਬਾਅਦ ਹੀ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਕੇਂਦਰ ਨੇ ਕਿਹਾ ਕਿ ਦੋਸ਼ੀਆਂ ਦੀ ਜ਼ਮਾਨਤ ‘ਤੇ ਜਲਦ ਫੈਸਲਾ ਕੀਤਾ ਜਾਵੇ
ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਧ੍ਰੋਹ ਦੇ ਮਾਮਲਿਆਂ ਵਿੱਚ ਧਾਰਾ 124ਏ ਨਾਲ ਸਬੰਧਤ 10 ਤੋਂ ਵੱਧ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਸੀ- ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ,
ਪਿਛਲੇ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਸੀ। ਇਸ ਦੌਰਾਨ ਕੇਂਦਰ ਦੀ ਤਰਫੋਂ ਦਲੀਲ ਦਿੱਤੀ ਗਈ ਕਿ ਇਸ ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਲਈ ਨਵੇਂ ਦਿਸ਼ਾ-ਨਿਰਦੇਸ਼ ਬਣਾਏ ਜਾਣੇ ਚਾਹੀਦੇ ਹਨ।