ਕੈਪਟਨ ਦੇ ਘਰ ਘਰ ਰੋਜ਼ਗਾਰ ਦੇਣ ਦੇ ਨਾਅਰੇ ਤੋਂ ਭਾਵ ਕੇਵਲ ਕਾਂਗਰਸੀਆਂ ਦੇ ਘਰ ਰੁਜ਼ਗਾਰ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲੀਸ ਇੰਸਪੈਕਟਰ ਅਤੇ ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੀ ਅਚੋਲਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੰਜਾਬ ਵਾਸੀਆਂ ਸਾਹਮਣੇ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਤੋਂ ਪਤਾ ਚੱਲਦਾ ਹੈ ਕਿ ਚੋਣਾ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਘਰ ਘਰ ਰੁਜਗਾਰ ਦੇਣ ਦੇ ਨਾਅਰੇ ਤੋਂ ਭਾਵ ਕੇਵਲ ਕਾਂਗਰਸੀਆਂ ਦੇ ਘਰ ਰੁਜਗਾਰ ਦੇਣਾ ਅਤੇ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ ਬੇਰੁਜਗਾਰ ਕਰਨਾ ਸੀ।
ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਕੇਵਲ ਕਾਂਗਰਸੀ ਅਮੀਰ ਵਿਧਾਇਕਾਂ ਦੇ ਬੱਚਿਆ ਨੂੰ ਨੌਕਰੀਆਂ ਦੇਣ ਦੇ ਫੈਸਲੇ ਦੀ ਸਖਤ ਨਿੰਦਾ ਕਰਦੀ ਹੈ ਕਿਉਂਕਿ ਪੰਜਾਬ ਦੇ ਨੌਜਵਾਨ ਨੌਕਰੀਆਂ ਲੈਣ ਲਈ ਧਰਨੇ ਪ੍ਰਦਰਸਨ ਕਰ ਰਹੇ ਹਨ, ਜਦੋਂ ਕਿ ਕੱਚੇ ਰੱਖੇ ਅਧਿਆਪਕ ਅਤੇ ਹੋਰ ਮੁਲਾਜਮ ਆਪਣੀਆਂ ਨੌਕਰੀਆਂ ਰੈਗੁਲਰ ਕਰਾਉਣ ਲਈ ਭੁੱਖ ਹੜਤਾਲਾਂ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਦੇਸ ਦੀ ਆਜਾਦੀ ਲਈ ਸਹੀਦ ਹੋਣ ਵਾਲੇ ਪ੍ਰਵਾਨਿਆਂ ਦੇ ਬੱਚੇ ਦਿਹਾੜੀਆਂ ਕਰਨ ਲਈ ਮਜਬੂਰ ਹਨ, ਪਰ ਧਨਾੜ ਕਾਂਗਰਸੀਆਂ ਦੇ ਧੀਆਂ ਪੁੱਤਾਂ ਨੂੰ ਪੰਜਾਬ ਪੁਲੀਸ ਵਿਭਾਗ ਵਿੱਚ ਇੰਸਪੈਕਟਰ ਅਤੇ ਮਾਲ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਪੁਲੀਸ ਵਿਭਾਗ ਵਿੱਚ ਡੀ.ਐਸ.ਪੀ ਦੇ ਅਹੁੱਦੇ ‘ਤੇ ਨਿਯੁਕਤ ਕੀਤਾ ਗਿਆ।
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਖਾਤਰ ਗੈਰ ਸੰਵਿਧਾਨਕ ਅਤੇ ਨੌਜਵਾਨਾਂ ਦੇ ਵਿਰੁੱਧ ਫੈਸਲੇ ਕਰ ਰਹੇ ਹਨ। ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ ਨਹੀਂ ਰਹਿ ਗਈ। ਪੰਜਾਬ ਦੇ ਈਟੀਟੀ ਟੈਟ ਪਾਸ ਬੇਰੁਜਗਾਰ ਅਧਿਆਪਕ ਨੌਕਰੀਆਂ ਲੈਣ ਅਤੇ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਕਰ ਰਹੇ ਹਨ, ਜਿਨਾਂ ‘ਤੇ ਕਾਂਗਰਸ ਸਰਕਾਰ ਵੱਲੋਂ ਡਾਂਗਾਂ ਅਤੇ ਪਾਣੀ ਦੀਆਂ ਬੁਛਾਰਾਂ ਮਾਰ ਕੇ ਜੁਲਮ ਢਾਹਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਸ ਕਾਲੇ ਦੌਰ ਵਿੱਚ ਹੋਰ ਬਹੁਤ ਸਾਰੇ ਪਰਿਵਾਰਾਂ ਦੇ ਜੀਅ ਮਾਰੇ ਗਏ ਸਨ। ਕੀ ਕੈਪਟਨ ਸਰਕਾਰ ਦੱਸੇਗੀ ਉਨ੍ਹਾਂ ਮਰਨ ਵਾਲਿਆਂ ਦੇ ਕਿੰਨੇ ਬੱਚਿਆਂ ਨੂੰ ਨੌਕਰੀਆਂ ਦਿਤੀਆਂ ਹਨ? ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਦੀ ਉਲੰਘਣਾ ਕਰਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਨੌਕਰੀਆਂ ਤੁਰੰਤ ਰੱਦ ਕਰੇ ਅਤੇ ਪੰਜਾਬ ਦੇ ਆਮ ਲੋਕਾਂ ਦੇ ਬੇਰੁਜਗਾਰ ਧੀਆਂ ਪੁੱਤਾਂ ਨੂੰ ਨੌਕਰੀਆਂ ਦੇਣ ਦਾ ਪ੍ਰਬੰਧ ਕਰੇ।