ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ ‘ਤੇ ਹਨ। ਆਪਣੇ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਡਾ. ਬੀ. ਆਰ. ਅੰਬੇਡਕਰ ਸਕੂਲ ਆਫ ਐਕਸੀਲੈਂਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਿੱਖਿਆ ਸਕੱਤਰ ਵੱਲੋਂ ਪੰਜਾਬ ਤੋਂ ਆਏ ਵਫ਼ਦ ਨੂੰ ਵਿਸਥਾਰ ਪੂਰਵਕ ਇਸ ਦੀ ਜਾਣਕਾਰੀ ਦਿੱਤੀ ਗਈ। ਭਗਵੰਤ ਮਾਨ ਨੇ ਦਿੱਲੀ ਦੇ ਮੁੱਹਲਾ ਕਲੀਨਿਕ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਾਰੀਫ਼ ਪੂਰੀ ਦੁਨੀਆ ਨੇ ਕੀਤੀ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਅਸੀਂ ਵੀ ਇਸ ਮਾਡਲ ਤੋਂ ਸਿੱਖਾਂਗੇ। ਪੰਜਾਬ ਸਰਕਾਰ ਨੇ ਇਹ ਦਾਅਵਾ ਕੀਤਾ ਹੈ ਕਿ ਦਿੱਲੀ ਵਾਂਗ ਪੰਜਾਬ ‘ਚ ਵੀ ਜਲਦ ਹੀ ਸਮਾਰਟ ਸਕੂਲ ਬਣਾਏ ਜਾਣਗੇ।
ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਰਾਘਵ ਚੱਢਾ ਤੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਨਾਲ ਹੀ ਮੌਜੂਦ ਹਨ। ਭਗਵੰਤ ਮਾਨ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨਾਲ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਹੈ। ਇਹ ਦੌਰਾ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਨ ਲਈ ਕੀਤਾ ਜਾ ਰਿਹਾ ਹੈ।









