ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੀਡਿਓ ਸੰਦੇਸ਼ ‘ਚ ਕਿਹਾ ਕਿ ਚੋਣਾਂ ਆਉਣ ਵਾਲੀਆਂ ਹਨ ਤੇ ਕੁੱਝ ਸਿਆਸੀ ਲੋਕਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਬੇਹੱਦ ਦੁੱਖਦ ਘਟਨਾ ਹੈ। ਫਿਰ ਉਸ ਤੋਂ ਬਾਅਦ ਫਿਰ ਲੁਧਿਆਣਾ ‘ਚ ਬੰਬ ਬਲਾਸਟ ਹੋ ਜਾਂਦਾ ਹੈ ਜੋ ਕਿ ਪੰਜਾਬ ਤੇ ਪੰਜਾਬੀਅਤ ਤੇ ਹਮਲਾ ਹੈ।
ਉਨ੍ਹਾਂ ਨੇ ਕਿਹਾ ਕਿ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਚੁਣਾਵ ਆਉਣ ਵਾਲੇ ਹਨ ਤੇ ਕੁੱਝ ਸਿਆਸੀ ਲੋਕਾਂ ਵੱਲੋਂ ਆਪਣੇ ਗੰਦੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕ ਸਿਆਸੀ ਫਾਇਦੇ ਲਈ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 2017 ‘ਚ ਵੀ ਚੋਣਾਂ ਤੋਂ ਪਹਿਲਾਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਹਾ ਸੀ ਕਿ ਸਰਕਾਰ ਬਣੇਗੀ ਤਾਂ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ ਪਰ ਸਰਕਾਰ ਬਣੀ ਨੂੰ ਪੰਜ ਸਾਲ ਹੋ ਗਏ ਹਨ ਤੇ ਅਜੇ ਤੱਕ ਇਨ੍ਹਾਂ ਨੇ ਕੁੱਝ ਨਹੀਂ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ‘ਚ ਕਾਂਗਰਸ ਸਰਕਾਰ ‘ਚ ਕੁਰਸੀ ਦੀ ਲੜਾਈ ਚਲ ਰਹੀ ਹੈ। ਉਹ ਆਪਸ ‘ਚ ਹੀ ਉਲਝੇ ਹੋਏ ਹਨ ਤੇ ਪੰਜਾਬ ਦੀ ਸੁਰੱਖਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ‘ਚ ਚੰਨੀ ਸਰਕਾਰ ਫੇਲ੍ਹ ਹੋ ਚੁੱਕੀ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ ਤੇ ਜਾਤਾਂ ਦੇ ਲੋਕ ਆਪਸ ‘ਚ ਪਿਆਰ ਨਾਲ ਮਿਲ ਕੇ ਰਹਿੰਦੇ ਹਨ। ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਲੋਕਾਂ ਦੀ ਚਾਲਾਂ ਨੂੰ ਕਾਮਯਾਮ ਨਹੀਂ ਹੋਣ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਸਭ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਾ ਭੰਗ ਨਹੀਂ ਹੋਣ ਦੇਵਾਂਗੇ।