ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਮੁਲਾਜ਼ਮਾਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀ ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਹੋ ਸਕਦੀ ਹੈ।
ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ‘ਚ ਜੇਕਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ 9ਵੇਂ ਦਿਨ ਦਾਖ਼ਲ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਸੀ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਸਿਸਵਾਂ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ।
ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਮੁਲਾਜ਼ਮਾਂ ਦੀ ਹੜ੍ਹਤਾਲ ਇਸ ਦੇ ਨਾਲ ਹੀ ਜਾਰੀ ਰਹੇਗੀ। ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ 6 ਸਤੰਬਰ ਤੋਂ ਹੜਤਾਲ ‘ਤੇ ਬੈਠੇ ਹੋਏ ਹਨ।