ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਤੇ ਅੱਗੇ ਦਾ ਰਸਤਾ ਲੱਭਣ ਲਈ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੀ ਗਲਤੀ ਦਾ ਅਹਿਸਾਸ ਕਰੇ ਅਤੇ ਕਿਸਾਨਾਂ ਅਤੇ ਦੇਸ਼ ਦੇ ਹਿੱਤ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ। ਮੁੱਖ ਮੰਤਰੀ ‘No Farmers, No Food’ ਦਾ ਬੈਚ ਪਹਿਨ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਆਯੋਜਿਤ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਹੁਣ ਤੱਕ 127 ਵਾਰ ਸੋਧ ਕੀਤੀ ਜਾ ਚੁੱਕੀ ਹੈ, ਇਸ ਲਈ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਅਤੇ ਉਨ੍ਹਾਂ ਤੋਂ ਪੈਦਾ ਹੋਈਆਂ ਗੜਬੜੀਆਂ ਨੂੰ ਸੁਲਝਾਉਣ ਲਈ ਇਸ ਨੂੰ ਦੁਬਾਰਾ ਸੋਧਿਆ ਕਿਉਂ ਨਹੀਂ ਜਾ ਸਕਦਾ? ਅੱਜ ਕਿਸਾਨਾਂ ਨਾਲ ਜੋ ਹੋ ਰਿਹਾ ਹੈ ਉਹ ਬਹੁਤ ਦੁਖਦਾਈ ਹੈ। ਇਨ੍ਹਾਂ ਕਾਨੂੰਨਾਂ ਨੂੰ ਭਾਰਤ ਦੇ ਵਿਕਾਸ ਅਤੇ ਤਰੱਕੀ ਵਿੱਚ ਉਨ੍ਹਾਂ ਦੁਆਰਾ ਪਾਏ ਗਏ ਵਿਸ਼ਾਲ ਯੋਗਦਾਨ ਦੇ ਮੱਦੇਨਜ਼ਰ ਛੇਤੀ ਹੀ ਰੱਦ ਕੀਤਾ ਜਾਣਾ ਚਾਹੀਦਾ ਹੈ।