ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਹਨੀ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ED ਵੱਲੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਛਾਪੇਮਾਰੀ ਕੀਤੀ ਗਈ। ਭੁਪਿੰਦਰ ਹਨੀ ਨੂੰ ਬੀਤੇ ਦਿਨ ED ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੁਪਿੰਦਰ ਹਨੀ ਨੂੰ ED ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਹਨੀ ਸਿੰਘ ਦਾ ਸਿਵਲ ਹਸਪਤਾਲ ਜਲੰਧਰ ਵਿੱਚ ਮੈਡੀਕਲ ਕਰਵਾਇਆ ਗਿਆ। ਉਸ ਨੂੰ ਅੱਜ ਮੁਹਾਲੀ ਦੀ ਸੀਬੀਆਈ ਅਦਾਲਤ ਵੱਚ ਪੇਸ਼ ਕਰਨ ਲਈ ਲਿਆਂਦਾ ਜਾਵੇਗਾ।
ਸੂਤਰਾਂ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਮੰਗਲਵਾਰ ਨੂੰ ਪੰਜਾਬ ਦੇ ਮੋਹਾਲੀ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ ਹੋਰ ਸ਼ਹਿਰਾਂ ‘ਚ ਦਰਜਨ ਭਰ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕੀਤੀ ਗਈ, ਜੋ ਬੁੱਧਵਾਰ ਤੜਕੇ ਖਤਮ ਹੋ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ ਅਤੇ ਇਸ ਦੌਰਾਨ ਜਾਂਚ ਏਜੰਸੀ ਵੱਲੋਂ ਵੱਡੀ ਗਿਣਤੀ ਵਿੱਚ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਸਨ।
ਹਨੀ ਦੇ ਫਲੈਟ ਤੋਂ ਕਰੋੜ ਰੁਪਏ ਬਰਾਮਦ ਕੀਤੇ ਸਨ
ਦੱਸ ਦੇਈਏ ਕਿ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਇੱਥੇ ਛਾਪੇਮਾਰੀ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰੀ ਮਾਤਰਾ ਵਿੱਚ ਕੀਮਤੀ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਸੀ। ਇਸ ਛਾਪੇਮਾਰੀ ਵਿੱਚ ਈਡੀ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਮਿਲੀ ਹੈ। ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਸਮੇਤ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ।
ਕੀਮਤੀ ਸਮਾਨ ਦੀ ਬਰਾਮਦਗੀ ਤੋਂ ਬਾਅਦ ਜਾਂਚ ਲਈ ED ਵੱਲੋਂ ਤਲਬ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਅਤੇ ਉਸ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ। ਪਰ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਇਆ।