ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ਦੇ ਹੰਸ ਖਾਲੀ ਇਲਾਕੇ ’ਚ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ’ਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਉੱਥੇ ਹੀ 15 ਤੋਂ ਵੱਧ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਸ਼ਕਤੀਨਗਰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੇ ਲੋਕ ਉੱਤਰ 24 ਪਰਗਨਾ ਜ਼ਿਲ੍ਹੇ ਦੇ ਬਗਦਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਲਗਭਗ 35 ਲੋਕ ਇੱਕ ਟਰੱਕ ’ਚ ਸਵਾਰ ਹੋ ਕੇ ਨਦੀਆ ਜ਼ਿਲ੍ਹੇ ਦੇ ਨਵਦੀਪ ਸਥਿਤ ਸ਼ਮਸ਼ਾਨ ਘਾਟ ਜਾ ਰਹੇ ਸਨ। ਪਰ ਰਸਤੇ ’ਚ ਹੰਸ ਖਾਲੀ ਇਲਾਕੇ ’ਚ ਰਾਤ ਕਰੀਬ 1.30 ਵਜੇ ਇਹ ਟਰੱਕ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਇਆ। ਇਸ ਹਾਦਸੇ ਕਾਰਨ ਕਰੀਬ ਦਰਜਨ ਭਰ ਲੋਕਾਂ ਦੀ ਮੌਤ ਮੌਕੇ ’ਤੇ ਹੀ ਹੋ ਗਈ।
ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਬਾਅਦ ’ਚ ਕੁੱਝ ਹੋਰ ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਤਾਂ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 17 ਪਹੁੰਚ ਗਈ ਹੈ, ਜਦੋਂ ਕਿ ਕਰੀਬ 15 ਲੋਕ ਹਾਲੇ ਵੀ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ।