ਬਿਜਲੀ ਖਰੀਦ ਸਮਝੌਤੇ ਹੋਣਗੇ ਰੱਦ, ਪੰਜਾਬ ਦੇ CM ਨੇ ਦਿੱਤੀ ਮਨਜ਼ੂਰੀ

0
80

ਪੰਜਾਬ ਸਰਕਾਰ ਨੇ ਹੁਣ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਲਿਖਤੀ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਇਨ੍ਹਾਂ ਸਮਝੌਤਿਆਂ ਬਾਰੇ ਕਾਨੂੰਨੀ ਪੱਖ ਮਜ਼ਬੂਤ ਰੱਖਣ ਦੀ ਹਦਾਇਤ ਕਰਦਿਆਂ ਪ੍ਰਾਈਵੇਟ ਤਾਪ ਬਿਜਲੀ ਘਰਾਂ ਨੂੰ ਨੋਟਿਸ ਦੇਣ ਲਈ ਆਖ ਦਿੱਤਾ ਹੈ। ਮੁੱਖ ਮੰਤਰੀ ਨੇ ਜੀਵੀਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਅਤੇ ਦਮੋਦਰ ਵੈਲੀ ਕਾਰਪੋਰੇਸ਼ਨ ਦੇ ਰਘੂਨਾਥਪੁਰ ਥਰਮਲ ਪ੍ਰੋਜੈਕਟ ਨਾਲ ਹੋਏ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ 18 ਅਗਸਤ ਜਦੋਂ ਕਿ ਤਲਵੰਡੀ ਸਾਬੋ ਪਾਵਰ ਪਲਾਂਟ ਅਤੇ ਰਾਜਪੁਰਾ ਥਰਮਲ ਪਲਾਂਟ ਨਾਲ ਹੋਏ ਸਮਝੌਤੇ ਰੱਦ ਕਰਨ ਦੀ 25 ਅਗਸਤ ਨੂੰ ਪ੍ਰਵਾਨਗੀ ਦਿੱਤੀ ਹੈ।

ਉਨ੍ਹਾਂ ਦੇ ਹੁਕਮਾਂ ’ਤੇ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਜਾਂਚ ਕਰਨ ਮਗਰੋਂ ਆਪਣੀ ਰਿਪੋਰਟ ਪਾਵਰਕੌਮ ਦੇ ਸੀਐੱਮਡੀ ਨੂੰ ਸੌਂਪ ਦਿੱਤੀ ਸੀ ਜੋ ਅੱਗੇ ਪ੍ਰਵਾਨਗੀ ਲਈ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਗਈ ਸੀ।

ਵੇਰਵਿਆਂ ਅਨੁਸਾਰ ਗੋਇੰਦਵਾਲ ਥਰਮਲ ਪਲਾਂਟ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਜਨਤਕ ਆਧਾਰ ਬਣਾਇਆ ਗਿਆ ਹੈ ਜਿਸ ’ਚ ਦਲੀਲ ਦਿੱਤੀ ਗਈ ਹੈ ਕਿ ਇਸ ਪਲਾਂਟ ਤੋਂ ਬਿਜਲੀ ਮਹਿੰਗੀ ਪੈਂਦੀ ਹੈ।

ਤਲਵੰਡੀ ਸਾਬੋ ਥਰਮਲ ਪਲਾਂਟ ਨਾਲ ਸਮਝੌਤਾ ਰੱਦ ਕਰਨ ਪਿੱਛੇ ਖਰੀਦ ਸਮਝੌਤੇ ਦੀ ਇਕ ਸ਼ਰਤ ਨੂੰ ਆਧਾਰ ਬਣਾਇਆ ਗਿਆ ਹੈ ਜਿਸ ਤਹਿਤ ਜੇਕਰ 36 ਮਹੀਨਿਆਂ ਦੌਰਾਨ ਕਿਸੇ 12 ਮਹੀਨਿਆਂ ਵਿਚ ਥਰਮਲ ਪਲਾਂਟ ਦੀ ਬਿਜਲੀ ਉਪਲੱਬਧਤਾ 65 ਫੀਸਦੀ ਤੋਂ ਘੱਟ ਰਹਿੰਦੀ ਹੈ ਤਾਂ ਨੋਟਿਸ ਦਿੱਤਾ ਜਾ ਸਕਦਾ ਹੈ। ਇਸ ਸੰਬੰਧੀ ਤਰਕ ਦਿੱਤਾ ਗਿਆ ਹੈ ਕਿ ਤਲਵੰਡੀ ਥਰਮਲ ਤੋਂ ਐਤਕੀਂ ਪੈਡੀ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਨਹੀਂ ਮਿਲੀ ਅਤੇ ਇੱਕ ਯੂਨਿਟ ਮਾਰਚ ਮਹੀਨੇ ਤੋਂ ਬੰਦ ਰਿਹਾ ਹੈ।

12 ਮਹੀਨਿਆਂ ਦੌਰਾਨ ਇਸ ਥਰਮਲ ਤੋਂ ਬਿਜਲੀ ਉਪਲੱਬਧਤਾ 65 ਫੀਸਦੀ ਤੋਂ ਘੱਟ ਰਹੀ ਹੈ। ਪਾਵਰਕੌਮ ਵੱਲੋਂ ਇਸ ਥਰਮਲ ਦੇ ਲੈਂਡਰ ਨੂੰ ਨੋਟਿਸ ਦਿੱਤਾ ਜਾਵੇਗਾ ਜਿਸ ਵਿਚ ਸਪੱਸ਼ਟ ਆਖਿਆ ਜਾ ਰਿਹਾ ਹੈ ਕਿ ਪਾਵਰਕੌਮ ਇਸ ਥਰਮਲ ਤੋਂ ਬਿਜਲੀ ਖਰੀਦਣਾ ਨਹੀਂ ਚਾਹੁੰਦੀ ਹੈ। ਦਮੋਦਰ ਵੈਲੀ ਕਾਰਪੋਰੇਸ਼ਨ ਨਾਲ ਸਮਝੌਤਾ ਵੀ ਰੱਦ ਕੀਤਾ ਜਾਣਾ ਹੈ।

LEAVE A REPLY

Please enter your comment!
Please enter your name here