ਕਾਂਗਰਸ ਹਾਈ ਕਮਾਨ ਨੇ ਪਾਰਟੀ ਵਿਧਾਇਕਾਂ ਨਾਲ ਲੰਮੀ ਵਿਚਾਰ ਚਰਚਾ ਮਗਰੋਂ ਸਰਵਸੰਮਤੀ ਨਾਲ ਦਲਿਤ ਆਗੂ ਚਰਨਜੀਤ ਸਿੰਘ ਚੰਨੀ (58) ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਅੱਜ ਸੋਮਵਾਰ ਨੂੰ 11 ਵਜੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਣਗੇ।
ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਵੇਗਾ। ਦੱਸਣਾ ਬਣਦਾ ਹੈ ਕਿ ਸ਼ਨਿੱਚਰਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਨਵਾਂ ਆਗੂ ਚੁਣਨ ਲਈ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਸਨ।
ਕਾਂਗਰਸ ਹਾਈ ਕਮਾਨ ਵੱਲੋਂ ਦਿੱਲੀ ਵਿਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਲੰਬੀ ਵਿਚਾਰ ਚਰਚਾ ਕੀਤੀ ਗਈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਇਸ ਫ਼ੈਸਲੇ ਲਈ ਮੀਟਿੰਗਾਂ ਦੇ ਦੌਰ ’ਚ ਲੱਗੇ ਰਹੇ। ਇੱਧਰ ਚੰਡੀਗੜ੍ਹ ਵਿਚ ਹਾਈ ਕਮਾਨ ਵੱਲੋਂ ਭੇਜੇ ਕੇਂਦਰੀ ਨਿਗਰਾਨਾਂ ਅਜੈ ਮਾਕਨ, ਹਰੀਸ਼ ਚੌਧਰੀ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਲੰਘੇ 24 ਘੰਟਿਆਂ ਦੌਰਾਨ ਮੁੱਖ ਮੰਤਰੀ ਦੇ ਨਵੇਂ ਚਿਹਰੇ ਵਾਸਤੇ ਸਰਬ-ਪ੍ਰਵਾਨਗੀ ਹਾਸਲ ਕਰਨ ਲਈ ਮੀਟਿੰਗਾਂ ਕੀਤੀਆਂ।
ਸੁਨੀਲ ਜਾਖੜ ਦੇ ਨਾਮ ਤੋਂ ਸ਼ੁਰੂ ਹੋਇਆ ਮੰਥਨ ਆਖਿਰ ਨੂੰ ਚਰਨਜੀਤ ਚੰਨੀ ਦੇ ਨਾਮ ’ਤੇ ਸਮਾਪਤ ਹੋ ਗਿਆ।