ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਅਫ਼ਗਾਨਿਸਤਾਨ ਸਿੱਖਾਂ ਦੀ ਸੁਰੱਖਿਆ ਲਈ ਲਿਖਿਆ ਪੱਤਰ

0
60

ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦੇ ਰਹਿਣ ਸਹਿਣ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਮਨੀਅਮ ਜੈਸ਼ੰਕਰ ਨੂੰ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਬਿਨਾ ਸ਼ਰਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਜਿਹੜੇ ਸਿੱਖ ਭਾਰਤ ਆਉਣਗੇ, ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ’ਚ ਕਿਹਾ ਕਿ ਅਫ਼ਗਾਨਿਸਤਾਨ ਦੇ ਮੌਜੂਦਾ ਹਾਲਾਤਾਂ ਵਿਚ ਸਿੱਖ ਭੈ-ਭੀਤ ਹਨ ਅਤੇ ਉਹ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਅਫ਼ਗਾਨਿਸਤਾਨ ਵਿਚ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਭਾਰਤ ਆਉਣਾ ਚਾਹੁੰਦੇ ਸਿੱਖਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਯਾਦ ਕਰਵਾਇਆ ਕਿ ਕਦੇ ਅਫ਼ਗਾਨਿਸਤਾਨ ਵਿਚ ਭਰਵੀਂ ਗਿਣਤੀ ’ਚ ਸਿੱਖ ਵੱਸਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੇਵਲ 20 ਕੁ ਪਰਿਵਾਰ ਹੀ ਉਥੇ ਰਹਿ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਡਾ ਦੁੱਖ ਹੈ ਕਿ ਰਹਿ ਗਏ ਕੁਝ ਕੁ ਪਰਿਵਾਰ ਵੀ ਡਰ ਦੇ ਸਾਏ ’ਚ ਜ਼ਿੰਦਗੀ ਬਤੀਤ ਕਰ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਪਹਿਲਕਦਮੀ ਕਰੇ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਇਸ ਲਈ ਸਰਕਾਰ ਪਹਿਲ ਦੇ ਅਧਾਰ ’ਤੇ ਕਾਰਵਾਈ ਕਰੇ।

LEAVE A REPLY

Please enter your comment!
Please enter your name here