ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਅੱਜ 16ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨ ਵੀ ਸ਼ਹੀਦ ਹੋ ਗਏ ਹਨ।
ਇਸ ਅੰਦੋਲਨ ਸੰਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸਾਡਾ ਅੰਦੋਲਨ ਜਾਰੀ ਰਹੇਗਾ।
ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਤੋਂ ਮੀਡੀਆ ਦਾ ਧਿਆਨ ਖਿੱਚਣ ਲਈ ਹਿਮਾਚਲ ਘਟਨਾਕ੍ਰਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ 1992 ਵਿਚ ਜਿਹੜੀ ਨੀਤੀ ਕਾਂਗਰਸ ਲੈ ਕੇ ਆਈ ਸੀ ਉਹ ਵੀ ਕੋਈ ਚੰਗੀ ਨਹੀਂ ਸੀ। ਕੇਂਦਰ ਸਰਕਾਰ ਦਾ ਵੀ ਸਾਡੇ ਵੱਲ ਕੋਈ ਧਿਆਨ ਨਹੀਂ ਹੈ। ਉੱਥੇ ਹੀ ਆਰ.ਐੱਸ.ਐੱਸ. ਕਿਸਾਨਾਂ ਦੇ ਅੰਦੋਲਨ ਨੂੰ ਸਿੱਖਾਂ ਦਾ ਅੰਦੋਲਨ ਦੱਸ ਰਹੀ ਹੈ। ਇਹ ਦੇਸ਼ ਦੀ ਏਕਤਾ ਅਖੰਡਤਾ ਲਈ ਠੀਕ ਨਹੀਂ ਹੈ।
ਪੰਧੇਰ ਨੇ ਅੱਗੇ ਕਿਹਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ, ਗੁਜਰਾਤ ਤੋਂ ਲੈ ਕੇ ਮਹਾਰਾਸ਼ਟਰ ਤੱਕ ਕਿਸਾਨਾਂ ਦੀ ਇੱਕੋ ਆਵਾਜ਼ ਹੈ ਕਿ ਐੱਮ.ਐੱਸ.ਪੀ. ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਨਰੇਗਾ 200 ਦਿਨ ਚਲਾਈ ਜਾਵੇ ਅਤੇ ਇਸ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਕਿਸਾਨ ਅਤੇ ਖੇਤ ਮਜ਼ਦੂਰ ਦਾ ਕਰਜ਼ਾ ਖ਼ਤਮ ਕੀਤਾ ਜਾਵੇ। ਲਖੀਮਪੁਰ ਖੀਰੀ ਦਾ ਇਨਸਾਫ਼ ਮਿਲੇ।
ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।









