ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਪਿਛਲੇ ਹਫ਼ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਸਨ | ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹੁਣ ਇਸ ਮਾਮਲੇ ‘ਤੇ ਅੱਜ 22 ਜੁਲਾਈ ਨੂੰ ਸੁਣਵਾਈ ਹੋਵੇਗੀ।
ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਕਰਨਾ ਪੈ ਰਿਹਾ ਸਾਹਮਣਾ
ਸ਼ੰਭੂ ਸਰਹੱਦ ਖੋਲ੍ਹਣ ਦੇ ਮਾਮਲੇ ਵਿੱਚ ਪਟੀਸ਼ਨਰ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਉਹ ਇਸ ਦਾ ਵਿਰੋਧ ਕਰਨਗੇ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਛੋਟੇ-ਵੱਡੇ ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਗਰੀਬ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਸ਼ੰਭੂ ਸਰਹੱਦ ਨੂੰ ਜਨਹਿੱਤ ਵਿੱਚ ਖੋਲ੍ਹਣ ਦੇ ਦਿੱਤੇ ਜਾਣ ਹੁਕਮ
ਸ਼ਾਂਡਿਲਿਆ ਨੇ ਕਿਹਾ ਕਿ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਯਾਨ ਦੀ ਡਿਵੀਜ਼ਨ ਬੈਂਚ 22 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਹ ਸੁਪਰੀਮ ਕੋਰਟ ਦੀ ਡਿਵੀਜ਼ਨ ਬੈਂਚ ਤੋਂ ਮੰਗ ਕਰਨਗੇ ਕਿ ਸ਼ੰਭੂ ਸਰਹੱਦ ਨੂੰ ਜਨਹਿੱਤ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਜਾਣ।
ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ
ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਹਾਈ ਕੋਰਟ ਦੇ ਹੁਕਮਾਂ ‘ਤੇ ਆਪਣੀ ਮੋਹਰ ਲਗਾਉਂਦੇ ਹੋਏ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਹੋਈ ਮੌਤ
ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ
ਧਿਆਨਯੋਗ ਹੈ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਜਿਸ ਨਾਲ ਸ਼ੰਭੂ ਬਾਰਡਰ ਬੰਦ ਹੋਣ ਕਰਕੇ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਬੀਤੇ ਦਿਨੀਂ ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਸੀ।









