ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰਾਂ ਅੰਦਰ ਸਿਰੋਪਾਓ ਦੀ ਕੀਤੀ ਜਾ ਰਹੀ ਵਰਤੋਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਿਰੋਪਾਓ ਦੀ ਵਰਤੋਂ ਸੀਮਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰਾਂ ਵਿਚ ਪੁੱਜਦੀਆਂ ਅਹਿਮ ਸ਼ਖ਼ਸੀਅਤਾਂ, ਵੀ.ਆਈ.ਪੀਜ਼ ਲੋਕ, ਸਰਕਾਰ ਦੇ ਆਗੂ ਆਦਿ ਨੂੰ ਗੁਰੂ ਦਰਬਾਰ ’ਚ ਸਿਰੋਪਾਓ ਨਹੀਂ ਦਿੱਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਉਕਤ ਸਾਰੇ ਲੋਕਾਂ ਨੂੰ ਹੁਣ ਗੁਰੂ ਦਰਬਾਰ ਦੀ ਥਾਂ ਪ੍ਰਬੰਧਕੀ ਦਫ਼ਤਰਾਂ ਜਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਦਫ਼ਤਰ ’ਚ ਸਿਰੋਪਾਓ ਦੇ ਕੇ ਮਾਨ-ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਹੁਤਾਤ ਵਿਚ ਸਿਰੋਪਾਓ ਦੀ ਵਰਤੋਂ ਨੂੰ ਸੰਕੋਚਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤਹਿਤ ਭਵਿੱਖ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਦਰਬਾਰ ਵਿਚ ਸਿਰੋਪਾਓ ਲਈ ਨਿਯਮ ਬਣਾਏ ਜਾਣਗੇ, ਜਿਸ ਵਿਚ ਪੰਥਕ ਰਵਾਇਤਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।