ਪੰਜਾਬ ਵਿਧਾਨ ਸਭਾ ਦੇ ਅੱਜ ਹੋਣ ਵਾਲੇ ਇੱਕ ਦਿਨਾ ਵਿਸ਼ੇਸ਼ ਇਜਲਾਸ ਦੇ ਹੰਗਾਮਾਖੇਜ਼ ਰਹਿਣ ਦੇ ਆਸਾਰ ਬਣੇ ਹੋਏ ਹਨ। ਸਰਕਾਰ ਵੱਲੋਂ ਇਜਲਾਸ ਦੌਰਾਨ ਭਾਵੇਂ ਜੀਐੱਸਟੀ, ਬਿਜਲੀ ਅਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਬਾਰੇ ਅਧਿਕਾਰਤ ਤਜਵੀਜ਼ ਤਿਆਰ ਕੀਤੀ ਗਈ ਹੈ ਪਰ ਸਮਝਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਭਲਕੇ ‘ਭਰੋਸਗੀ ਮਤਾ’ ਲਿਆਂਦੇ ਜਾਣ ਦੇ ਵੀ ਆਸਾਰ ਹਨ।

ਉਧਰ ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਨਤਕ ਮੁੱਦਿਆਂ ਦੀ ਇਕ ਸੂਚੀ ਭੇਜ ਕੇ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਨੇ ਐੱਸਵਾਈਐੱਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਅਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚੱਲਦੀ ਹੀ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ 10 YouTube ਚੈਨਲਾਂ ’ਤੇ ਲਾਈ ਪਾਬੰਦੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲਾ ਇਜਲਾਸ ਇੱਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਜਰਮਨੀ ਦੇ ਦੌਰੇ ’ਤੇ ਸਨ ਤਾਂ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਦੇ ਨਾਮ ’ਤੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰੇ ਤੋਂ ਪਰਤਣ ਉਪਰੰਤ ਸਰਕਾਰ ਵੱਲੋਂ ਇਜਲਾਸ ਸੱਦਣ ਦਾ ਐਲਾਨ ਕੀਤਾ ਗਿਆ ਸੀ। ਹਾਕਮ ਧਿਰ ਨੇ ਦੋਸ਼ ਲਾਇਆ ਹੈ ਕਿ ਭਾਜਪਾ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਨੂੰ ਅਸਥਿਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

‘ਆਪ’ ਆਗੂਆਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ‘ਅਪਰੇਸ਼ਨ ਲੋਟਸ’ ਤਹਿਤ ਭਾਜਪਾ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਤੋੜਨ ਲਈ ਕਰੋੜਾਂ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ ਸਮੇਤ ਦਿੱਲੀ ਦੇ ‘ਆਪ’ ਆਗੂਆਂ ਵੱਲੋਂ ਇਹ ਦਾਅਵੇ ਕੀਤੇ ਗਏ ਸਨ। ‘ਆਪ’ ਆਗੂਆਂ ਨੇ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਦੇ ਕੇ ਵਿਧਾਇਕ ਖਰੀਦਣ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ ਤੇ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਵੀ ਦਰਜ ਕੀਤਾ ਹੈ। ਇਸ ਮੁੱਦੇ ’ਤੇ ਸੂਬੇ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ‘ਆਪ’ ਵੱਲੋਂ ਭਾਜਪਾ ’ਤੇ ਸਰਕਾਰ ਤੋੜਨ ਦੇ ਦੋਸ਼ ਲਾਉਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਭਰੋਸੇ ਦਾ ਵੋਟ ਜਿੱਤਿਆ ਗਿਆ ਸੀ।

ਵਿਰੋਧੀ ਪਾਰਟੀਆਂ ਨੇ ‘ਆਪ’ ਆਗੂਆਂ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ ਹੈ। ਭਾਜਪਾ ਨੇ ਤਾਂ ਸੂਬੇ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਤੇ ਅਕਾਲੀ ਦਲ ਨੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਤੇ ਈਡੀ ਹਵਾਲੇ ਕਰਨ ਦੀ ਮੰਗ ਕੀਤੀ ਸੀ। ਲਿਹਾਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਗਰਮਾ ਗਰਮ ਰਹਿਣ ਦੇ ਆਸਾਰ ਹਨ ਤੇ ਇਸ ਮੁੱਦੇ ’ਤੇ ਸਰਕਾਰ ਤੇ ਵਿਰੋਧੀ ਧਿਰ ਵਿੱਚ ਟਕਰਾਅ ਹੋ ਸਕਦਾ ਹੈ।